ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਮਸਲਿਆਂ ਬਾਰੇ ਲਿਖੀ ਚਿੱਠੀ ਨੂੰ ਇੱਕ ‘ਖ਼ਬਰੀ ਸਟੰਟ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਪੰਜਾਬ ਦੇ ਮੁੱਦੇ ਆਪਣੀ ਸਰਕਾਰ ਕੋਲੋਂ ਗੰਭੀਰਤਾ ਨਾਲ ਹੱਲ ਕਰਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਖੇਤੀ ਖੇਤਰ ’ਚ ਸੁਧਾਰ, ਫਸਲੀ ਚੱਕਰ ਤੋਂ ਕਿਸਾਨਾਂ ਨੂੰ ਬਾਹਰ ਲਿਆਉਣ ਸਮੇਤ ਸਾਰੇ ਮਸਲੇ ਚੋਣਾਂ ਨੇੜੇ ਆਉਣ ’ਤੇ ਹੀ ਚੇਤੇ ਆਏ ਹਨ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰਨਾ ਪੈ ਰਿਹਾ ਹੈ। ‘ਆਪ’ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦਾ ਵਿਸ਼ਵਾਸ ਗਵਾ ਚੁੱਕੇ ਹਨ ਤੇ ਕਾਂਗਰਸ ਵਿੱਚ ਕੈਪਟਨ ਖ਼ਿਲਾਫ਼ ਬਗਾਵਤ ਤੇਜ਼ ਹੋ ਰਹੀ ਹੈ।