ਰਾਕੇਸ਼ ਸੈਣੀ
ਨੰਗਲ, 19 ਅਗਸਤ
ਰਾਜਸਥਾਨ ਦੇ ਜਲੌਰ ਜ਼ਿਲ੍ਹੇ ਵਿੱਚ ਇੱਕ ਸਕੂਲ ਦੇ ਅਧਿਆਪਕ ਵੱਲੋਂ ਕਥਿਤ ਕੁੱਟਮਾਰ ਕਾਰਨ ਵਿਦਿਆਰਥੀ ਇੰਦਰ ਮੇਘਵਾਲ ਹੀ ਮੌਤ ਹੋਣ ਖ਼ਿਲਾਫ਼ ਇਲਾਕੇ ਦੀਆਂ ਵੱਖ ਵੱਖ ਅਨੁਸੂਚਿਤ ਜਾਤੀ ਅਤੇ ਮੁਲਾਜ਼ਮ ਜਥੇਬੰਦੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁਲਜ਼ਮ ਅਧਿਆਪਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ| ਇਸ ਮੌਕੇ ਕੌਸਲਰ ਰਣਜੀਤ ਸਿੰਘ ਲੱਕੀ, ਮਦਨ ਲਾਲ ਸਿੰਧੂ ਨੇ ਘਟਨਾ ਨਿਖੇਧੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ ਹਨ, ਆਜ਼ਾਦ ਭਾਰਤ ਵਿੱਚ ਅਜਿਹੀਆਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ| ਇਸ ਤੋਂ ਇਲਾਵਾ ਵੀਰਵਾਰ ਦੇਰ ਸ਼ਾਮ ਵੀ ਨੰਗਲ ਦੇ ਆਈ ਬਲਾਕ ਚੌਕ ਵਿੱਚ ਵੀ ਵੱਡੀ ਗਿਣਤੀ ਲੋਕਾਂ ਵੱਲੋਂ ਮੋਮਬੱਤੀ ਮਾਰਚ ਕਰਦਿਆਂ ਉਕਤ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ|