ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਸਤੰਬਰ
ਅਮਰੀਕਾ ਨਿਵਾਸੀ ਸਿੱਖ ਸ਼ਰਧਾਲੂ ਮਨਜੀਤ ਸਿੰਘ ਤੇ ਉਸ ਦੇ ਪਰਿਵਾਰ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਆਲਟੋ ਕਾਰ ਭੇਟ ਕੀਤੀ ਗਈ ਹੈ। ਇਸ ਮੌਕੇ ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਘਰ ਦੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਇਹ ਸੇਵਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸੰਗਤ ਵਿੱਚ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਤੇ ਸੰਗਤ ਇਸ ਪਾਵਨ ਅਸਥਾਨ ’ਤੇ ਭੇਟਾਵਾਂ ਅਰਪਣ ਕਰਕੇ ਸਤਿਕਾਰ ਭੇਟ ਕਰਦੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ, ਪ੍ਰਤਾਪ ਸਿੰਘ ਤੇ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਪਰਿਵਾਰ ਦੇ ਮੈਂਬਰਾਂ ਵਿੱਚ ਰਣਜੀਤ ਕੌਰ, ਪਲਵਿੰਦਰ ਸਿੰਘ, ਸਵਿੰਦਰਪਾਲ ਸਿੰਘ, ਜੋਗਿੰਦਰ ਸਿੰਘ ਤੇ ਦਲਜੀਤ ਸਿੰਘ ਮੌਜੂਦ ਸਨ।