ਜੋਗਿੰਦਰ ਸਿੰਘ ਮਾਨ
ਮਾਨਸਾ, 1 ਨਵੰਬਰ
ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਸ਼ਾਮਲ ਹੋਣ ਵਾਲੀਆਂ ਅਤੇ ਦਿੱਲੀ ਦੇ ਟਿਕਰੀ ਬਾਰਡਰ ’ਤੇ ਟਿੱਪਰ ਦੀ ਲਪੇਟ ’ਚ ਆ ਕੇ ਸ਼ਹੀਦ ਹੋਈਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂਵਾਲਾ ਦੀਆਂ ਤਿੰਨ ਬੀਬੀਆਂ ਅਮਰਜੀਤ ਕੌਰ, ਸੁਖਵਿੰਦਰ ਕੌਰ ਅਤੇ ਗੁਰਮੇਲ ਕੌਰ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ-ਪੰਜ ਲੱਖ ਰੁਪਏ ਦੀ ਮੁਆਵਜ਼ਾ ਰਕਮ ਨੂੰ ਬੀਕੇਯੂ (ਉਗਰਾਹਾਂ) ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਭਲਕੇ 2 ਨਵੰਬਰ ਨੂੰ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਜਥੇਬੰਦੀ ਨੇ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀ ਅਨੁਸਾਰ ਜੇ ਲੋੜ ਪਈ ਤਾਂ ਡੀਸੀ ਦਫ਼ਤਰ ਅੱਗੇ ਪੱਕੇ ਤੌਰ ’ਤੇ ਤੰਬੂ ਗੱਡੇ ਜਾ ਸਕਦੇ ਹਨ।
ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਮਾਨਸਾ ਪ੍ਰਸ਼ਾਸਨ ਨੂੰ ਤਿੰਨੋ ਮਾਈਆਂ ਦੇ ਵਾਰਸਾਂ ਵੱਲੋਂ ਸਰਕਾਰੀ ਨੌਕਰੀ ਲਈ ਅਤੇ ਪਰਿਵਾਰ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ ਸਣੇ ਮੁਆਵਜ਼ੇ ਦੀ ਰਕਮ 10 ਲੱਖ ਰੁਪਏ ਲੈਣ ਲਈ ਸਾਰੇ ਦਸਤਾਵੇਜ਼ ਸੌਂਪ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀਸੀ ਮਹਿੰਦਰ ਪਾਲ ਨੇ 5-5 ਲੱਖ ਰੁਪਏ ਦੇਣ ਦਾ ਸਰਕਾਰੀ ਦਾਅਵਾ ਕੀਤਾ ਤੇ ਰਹਿੰਦੇ 5-5 ਲੱਖ ਰੁਪਏ ਲਈ ਸਰਕਾਰ ਨੂੰ ਪੱਤਰ ਲਿਖਣ ਦਾ ਭਰੋਸਾ ਦਿੱਤਾ ਹੈ, ਪਰ ਜਥੇਬੰਦੀ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਹੀ ਅਜਿਹਾ ਫ਼ੈਸਲਾ ਲੈਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਇਹ ਲੜਾਈ ਲੜਨ ਦਾ ਪਰਿਵਾਰਾਂ ਦੀ ਸਹਿਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ’ਚ ਜ਼ਖ਼ਮੀ ਦੋ ਔਰਤਾਂ ਨੂੰ ਇਲਾਜ ਲਈ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।