* ਕੇਂਦਰ ਵੱਲੋਂ ਜਥਾ ਰੋਕਣ ਦੇ ਫ਼ੈਸਲੇ ’ਤੇ ਮੁੜ ਵਿਚਾਰ ਬਾਰੇ ਹੁਣ ਤੱਕ ਕੋਈ ਹੁੰਗਾਰਾ ਨਹੀਂ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 19 ਫਰਵਰੀ
ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਕੇਂਦਰ ਸਰਕਾਰ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦਾ ਮਾਮਲਾ ਨਿਰੰਤਰ ਭਖ਼ਦਾ ਜਾ ਰਿਹਾ ਹੈ। ਅੱਜ ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੁੜ ਇਕ ਹੋਰ ਪੱਤਰ ਭੇਜਿਆ ਹੈ। ਪੱਤਰ ਦੇ ਨਾਲ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ 8 ਪੁਸਤਕਾਂ ਵੀ ਭੇਜੀਆਂ ਹਨ ਤਾਂ ਜੋ ਕੇਂਦਰੀ ਆਗੂਆਂ ਨੂੰ ਇਸ ਸਾਕੇ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਜਾ ਸਕੇ। ਮੀਡੀਆ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਨੇ ਖੁਲਾਸਾ ਕੀਤਾ ਕਿ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਨਾਲ ਸਬੰਧਤ ਤੇ ਹੋਰ ਅੱਠ ਪੁਸਤਕਾਂ ਦਾ ਇਕ ਸੈੱਟ ਪ੍ਰਧਾਨ ਮੰਤਰੀ ਨੂੰ ਭੇਜਿਆ ਹੈ, ਜਿਸ ਦੇ ਨਾਲ ਇਕ ਪੱਤਰ ਵੀ ਹੈ। ਇਹ ਪੁਸਤਕਾਂ ਅਤੇ ਪੱਤਰ ਸ਼੍ਰੋਮਣੀ ਕਮੇਟੀ ਦਾ ਇਕ ਮੀਤ ਸਕੱਤਰ ਤੇ ਹੋਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਕੇਂਦਰ ਸਰਕਾਰ ਜਥਾ ਰੋਕਣ ਸਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ। ਕਮੇਟੀ ਪ੍ਰਧਾਨ ਨੇ ਕਿਹਾ ਕਿ ਭਲਕੇ 20 ਅਤੇ 21 ਫਰਵਰੀ ਨੂੰ ਵੀ ਸਰਕਾਰ ਜੇਕਰ ਆਗਿਆ ਦੇਵੇ ਤਾਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਕੇ ਇਨ੍ਹਾਂ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਪਾਕਿਸਤਾਨ ਰਹਿ ਗਏ ਗੁਰਧਾਮਾਂ ਅਤੇ ਇਸ ਸਾਕੇ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ 21 ਫਰਵਰੀ ਨੂੰ ਹੋ ਰਹੇ ਸਮਾਗਮ ਦਾ ਹਿੱਸਾ ਬਣਨ ਲਈ ਸਿੱਖ ਸੰਗਤ ਨੂੰ ਆਗਿਆ ਦੇਵੇ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੁਣ ਤਕ ਕੇਂਦਰ ਸਰਕਾਰ ਨੂੰ ਪਹਿਲਾਂ ਭੇਜੇ ਪੱਤਰ ਦਾ ਕੋਈ ਹੁੰਗਾਰਾ ਨਹੀਂ ਪੁੱਜਾ ਹੈ ਪਰ ਉਹ ਉਡੀਕ ਕਰ ਰਹੇ ਹਨ ਕਿ ਸ਼ਾਇਦ ਸਰਕਾਰ ਆਪਣੇ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਜਥਾ ਭੇਜਣ ਦੀ ਆਗਿਆ ਦੇਵੇ।
ਦੁਨੀਆ ਭਰ ਤੋਂ ਆ ਰਹੇ ਸਿੱਖ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਦੇ ਰਹੇ ਹਾਂ: ਪਾਕਿਸਤਾਨ
ਇਸਲਾਮਾਬਾਦ: ਪਾਕਿਸਤਾਨ ਨੇ ਅੱਜ ਕਿਹਾ ਕਿ ਭਾਰਤ ਸਣੇ ਪੂਰੀ ਦੁਨੀਆ ਤੋਂ ਮੁਲਕ ’ਚ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਰਹੇ ਸਿੱਖ ਸ਼ਰਧਾਲੂਆਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਹਿਦ ਹਫ਼ੀਜ਼ ਚੌਧਰੀ ਨੇ ਕਿਹਾ ਕਿ ਉਹ ਦੁਨੀਆ ਭਰ ਤੋਂ ਆ ਰਹੇ ਸਿੱਖਾਂ ਨੂੰ ਪੂਰੀ ਸਹੂਲਤ ਦੇ ਰਹੇ ਹਨ। ਚੌਧਰੀ ਨੇ ਕਿਹਾ ਕਿ ਭਾਰਤ ਨੂੰ ਵੀ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਧਾਰਮਿਕ ਸਥਾਨਾਂ ’ਤੇ ਆਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਪਾਕਿਸਤਾਨ ਵਿਚ ਸੁਰੱਖਿਆ ਸਥਿਤੀ ਮਾੜੀ ਹੈ ਤੇ ਭਾਰਤੀ ਨਾਗਰਿਕਾਂ ਨੂੰ ਉੱਥੇ ਖ਼ਤਰਾ ਹੋ ਸਕਦਾ ਹੈ। -ਪੀਟੀਆਈ
‘ਕਿਸਾਨ ਸੰਘਰਸ਼ ਵਿੱਚ ਸਿੱਖਾਂ ਦੀ ਸ਼ਮੂਲੀਅਤ ਕਾਰਨ ਜਥਾ ਰੋਕਿਆ’
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਕਿਸਾਨ ਸੰਘਰਸ਼ ਵਿਚ ਸਿੱਖਾਂ ਦੀ ਸ਼ਮੂਲੀਅਤ ਕੇਂਦਰ ਸਰਕਾਰ ਨੂੰ ਰੜਕ ਰਹੀ ਹੈ ਅਤੇ ਇਸੇ ਲਈ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਰੋਕਿਆ ਗਿਆ ਹੈ। ਉਨ੍ਹਾਂ ਸੰਸਦ ਵਿਚ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਉਹ ਇਹ ਮਾਮਲਾ ਸੰਸਦ ਵਿਚ ਵੀ ਉਭਾਰਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਜਥਾ ਭੇਜਣ ਤੋਂ ਰੋਕਣ ਲਈ ਸੁਰੱਖਿਆ ਅਤੇ ਕਰੋਨਾ ਦੇ ਦਿੱਤੇ ਗਏ ਕਾਰਨ ਬੇਤੁਕੇ ਹਨ। ਜਥੇ ਨੂੰ ਸੁਰੱਖਿਆ ਮੁਹੱਈਆ ਕਰਨਾ ਪਾਕਿਸਤਾਨ ਸਰਕਾਰ ਦਾ ਕੰਮ ਹੈ ਅਤੇ ਹਰ ਵਾਰ ਹੀ ਪਾਕਿਸਤਾਨ ਸਰਕਾਰ ਸਿੱਖ ਸ਼ਰਧਾਲੂਆਂ ਨੂੰ ਬਿਹਤਰ ਸੁਰੱਖਿਆ ਮੁਹੱਈਆ ਕਰਦੀ ਹੈ। ਪਾਕਿਸਤਾਨ ਵਿਚ ਕਰੋਨਾ ਹੋਣ ਦੇ ਦਿੱਤੇ ਕਾਰਨਾਂ ਬਾਰੇ ਉਨ੍ਹਾਂ ਕਿਹਾ ਕਿ ਮਾਰਚ ਵਿਚ ਕੁੰਭ ਦਾ ਮੇਲਾ ਲੱਗ ਰਿਹਾ ਹੈ, ਜਿੱਥੇ ਲੱਖਾਂ ਸ਼ਰਧਾਲੂ ਆਉਣਗੇ। ਕੇਂਦਰ ਸਰਕਾਰ ਨੇ ਇਸ ਕੁੰਭ ਮੇਲੇ ਦੀ ਪ੍ਰਵਾਨਗੀ ਦਿੱਤੀ ਹੈ। ਇਸੇ ਤਰ੍ਹਾਂ ਬੰਗਾਲ ਵਿਚ ਚੋਣਾਂ ਹੋ ਰਹੀਆਂ ਹਨ, ਜਿਥੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਣਗੇ। ਉਨ੍ਹਾਂ ਸਰਕਾਰ ਨੂੰ ਪੁੱਛਿਆ ਕਿ ਕੀ ਇਨ੍ਹਾਂ ਥਾਵਾਂ ’ਤੇ ਕਰੋਨਾ ਨਹੀਂ ਫੈਲੇਗਾ। ਉਨ੍ਹਾਂ ਕਿਹਾ ਕਿ ਜਿਵੇਂ ਮੁਸਲਮਾਨਾਂ ਨੂੰ ਮੱਕਾ ਮਦੀਨਾ ਅਤੇ ਹਿੰਦੂਆਂ ਨੂੰ ਉਨ੍ਹਾਂ ਦੇ ਧਰਮ ਅਸਥਾਨਾਂ ’ਤੇ ਜਾਣ ਤੋਂ ਨਹੀਂ ਰੋਕਿਆ ਜਾਂਦਾ, ਉਸੇ ਤਰ੍ਹਾਂ ਸਿੱਖਾਂ ਨੂੰ ਵੀ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਇਹ ਧਰਮ ਅਸਥਾਨ ਸਿੱਖਾਂ ਲਈ ਵੱਡੀ ਅਹਿਮੀਅਤ ਰੱਖਦੇ ਹਨ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਕੁਝ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਥਾ ਭੇਜਣ ਦੇ ਮਾਮਲੇ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵੀ ਨਾਂਹ-ਪੱਖੀ ਵਿਚਾਰ ਦਿੱਤੇ ਗਏ ਹਨ। ਉਨ੍ਹਾਂ ਸਮੂਹ ਧਰਮਾਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨਾਲ ਹੋ ਰਹੇ ਇਸ ਧੱਕੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵੀ ਆਪੋ-ਆਪਣੇ ਮੁਲਕਾਂ ਵਿਚ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪਾਕਿਸਤਾਨ ਤੋਂ ਵੱਡੀ ਗਿਣਤੀ ਵਿਚ ਸਿੱਖਾਂ ਅਤੇ ਹਿੰਦੂਆਂ ਦੇ ਸੁਨੇਹੇ ਆਏ ਹਨ, ਜਿਨ੍ਹਾਂ ਨੇ ਭਾਵੁਕ ਹੁੰਦਿਆਂ ਭਾਰਤ ਸਰਕਾਰ ਦੇ ਇਸ ਫ਼ੈਸਲੇ ਦੀ ਕਰੜੀ ਆਲੋਚਨਾ ਕੀਤੀ ਹੈ। ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਈ ਸਿੱਖ ਸ਼ਰਧਾਲੂਆਂ ਦੀਆਂ ਇਸ ਫ਼ੈਸਲੇ ਖ਼ਿਲਾਫ਼ ਅੱਖਾਂ ਨਮ ਹੋਈਆਂ ਹਨ।
ਕੇਂਦਰ ਸਰਕਾਰ ਦਾ ਫ਼ੈਸਲਾ ਜਾਇਜ਼ ਨਹੀਂ: ਮਜੀਠੀਆ
ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਵੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਸ੍ਰੀ ਮਜੀਠੀਆ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਇਕ ਧਰਮ ਜਾਂ ਇਕ ਫਿਰਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਧਰਮ ਅਸਥਾਨ ’ਤੇ ਜਾਣ ਤੋਂ ਰੋਕਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਥੇਦਾਰ ਵਲੋਂ ਸੱਦਿਆ ਗਿਆ ਸੀ ਅਤੇ ਇਸ ਬਾਰੇ ਵਿਚਾਰ ਚਰਚਾ ਵਿਚ ਉਨ੍ਹਾਂ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਜਥੇ ਲਈ 21 ਨੂੰ ਅਕਾਲ ਤਖ਼ਤ ’ਤੇ ਕੀਤੀ ਜਾਵੇਗੀ ਅਰਦਾਸ
ਕੇਂਦਰ ਸਰਕਾਰ ਵਲੋਂ ਜਥਾ ਰੋਕੇ ਜਾਣ ਦੇ ਫੈਸਲੇ ਤੋਂ ਬਾਅਦ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 21 ਫਰਵਰੀ ਨੂੰ ਸ਼ਾਮ ਵੇਲੇ ਸ੍ਰੀ ਅਕਾਲ ਤਖਤ ’ਤੇ ਸਮੁੱਚੇ ਸਿੱਖ ਜਗਤ ਵਲੋਂ ਅਰਦਾਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਚਾਰ ਵਟਾਂਦਰੇ ਮਗਰੋਂ ਫ਼ੈਸਲਾ ਕੀਤਾ ਗਿਆ ਹੈ।