ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਅਕਤੂਬਰ
31 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਖਿਲਾਫ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹਰਿਆਣਾ ਦੇ ਕਿਸਾਨਾਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਅੱਜ ਇਥੇ ਸ਼ਹਿਰ ਵਿਚ ਹਵਾਈ ਅੱਡਾ ਮਾਰਗ ’ਤੇ ਦੋ ਘੰਟਿਆਂ ਲਈ ਆਵਾਜਾਈ ਰੋਕੀ ਗਈ। ਇਸ ਦੌਰਾਨ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ 9ਵੇਂ ਦਿਨ ਵੀ ਧਰਨਾ ਜਾਰੀ ਰਿਹਾ।
ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਥੇ ਰਿਆਲਟੀ ਚੌਕ ਨੇੜੇ ਦੋ ਘੰਟੇ ਲਈ ਆਵਾਜਾਈ ਰੋਕੀ ਗਈ। ਇਸ ਮੌਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਿਸਾਨ ਕਾਰਕੁਨ ਵੱਡੀ ਗਿਣਤੀ ਵਿਚ ਇਕੱਠੇ ਹੋਏ। ਉਨ੍ਹਾਂ ਰੋਸ ਮੁਜ਼ਾਹਰਾ ਕਰਦੇ ਹੋਏ ਸੜਕ ’ਤੇ ਧਰਨਾ ਲਾ ਦਿੱਤਾ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਪਾਸ ਕਰਨ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਖੇਤੀ ਕਾਨੂੰਨ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਭੁਪਿੰਦਰ ਸਿੰਘ ਤਖਤਮੱਲ ਅਤੇ ਬਚਿੱਤਰ ਸਿੰਘ ਕੋਟਲਾ ਨੇ ਦੋਸ਼ ਲਾਇਆ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੇ ਘਰ ਸਾਹਮਣੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਭਾਜਪਾ ਸਰਕਾਰ ਨੇ ਲਾਠੀਚਾਰਜ ਕੀਤਾ ਹੈ, ਜੋ ਨਿੰਦਣਯੋਗ ਹੈ। ਇਸ ਮੌਕੇ ਖੇਤੀ ਕਾਨੂੰਨ ਵਾਪਸ ਲੈਣ ਅਤੇ ਬਿਜਲੀ ਸੋਧ ਬਿੱਲ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਕਿਸਾਨ ਆਗੂ ਸਤਨਾਮ ਸਿੰਘ ਝੰਡੇਰ, ਅਮਨਦੀਪ ਸਿੰਘ ਛੀਨਾ, ਨਿਸ਼ਾਨ ਸਿੰਘ, ਬਾਬਾ ਗੁਲਜ਼ਾਰ ਸਿੰਘ ਨੇ ਸੰਬੋਧਨ ਕੀਤਾ।