ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਕਿਸਤਾਨ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ। ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਅਸੁਰੱਖਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਲੰਮੇ ਸਮੇਂ ਤੋਂ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਉੱਥੇ ਰਹਿ ਰਹੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।