ਜਗਮੋਹਨ ਸਿੰਘ
ਰੂਪਨਗਰ, 31 ਅਕਤੂਬਰ
ਲੋਕ ਨਿਰਮਾਣ ਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਲੋਕ ਨਿਰਮਾਣ ਦਫ਼ਤਰ ਦਾ ਅਚਨਚੇਤ ਦੌਰਾ ਕਰ ਕੇ ਦੇਰੀ ਨਾਲ ਆਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਤਾੜਨਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਸਵੇਰੇ 9 ਵਜੇ ਲੋਕ ਨਿਰਮਾਣ ਦਫ਼ਤਰ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲੋਂ ਦੇਰੀ ਨਾਲ ਆਉਣ ਦੇ ਕਾਰਨ ਜਾਣੇ ਅਤੇ ਤਾੜਨਾ ਕੀਤੀ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ, ਇਸ ਲਈ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੈਰਜ਼ਿੰਮੇਵਾਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਉਪਰੰਤ ਹਰਭਜਨ ਈਟੀਓ ਨੇ ਪੀਡਬਲਿਊਡੀ ਦੇ ਰੈਸਟ ਹਾਊਸ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੀਟਿੰਗ ਕਰ ਕੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀਆਂ ਟਰੈਫਿਕ ਲਾਈਟਾਂ ਨਾ ਚੱਲਣ ਅਤੇ ਸਰਹਿੰਦ ਨਹਿਰ ’ਤੇ ਉਸਾਰੀ ਅਧੀਨ ਪੁਲ ਸਬੰਧੀ ਮੁਸ਼ਕਿਲਾਂ ਛੇਤੀ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੱਤ ਮਹੀਨਿਆਂ ਅੰਦਰ ਇਮਾਨਦਾਰੀ ਨਾਲ ਜਿੰਨਾ ਕੰਮ ਮਾਨ ਸਰਕਾਰ ਨੇ ਕੀਤਾ ਹੈ ਓਨਾ ਕੰਮ ਅੱਜ ਤੱਕ ਕਿਸੇ ਸਰਕਾਰ ਵੱਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਜੋ ਫੈਸਲਾ ਪੰਜਾਬ ਸਰਕਾਰ ਨੇ ਲਿਆ ਹੈ ਉਹ ਵੀ ਇਤਿਹਾਸਕ ਹੈ।