ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 31 ਅਕਤੂਬਰ
ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਲੜੀਵਾਰ ਧਰਨੇ ਦੀ ਅਗਵਾਈ ਕੁਲਜੀਤ ਕੌਰ ਗਰੇਵਾਲ ਨੇ ਕੀਤੀ।
ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਦਵਿੰਦਰ ਸਿੰਘ ਕਿਲ੍ਹਾ ਰਾਏਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਰੱਦ ਕਰ ਕੇ ਕੰਪਨੀਆਂ ਵੱਲੋਂ ਲੋਕਾਂ ਦੀ ਲੁੱਟ ਨੂੰ ਖ਼ਤਮ ਕਰਨਾ ਚਾਹੀਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਾਵਰਕੌਮ ਵਿੱਚ ਖ਼ਾਲੀ ਅਸਾਮੀਆਂ ਨੂੰ ਪੱਕੇ ਤੌਰ ’ਤੇ ਭਰ ਕੇ ਇਸ ਅਦਾਰੇ ਨੂੰ ਮੁੜ ਸੁਰਜੀਤ ਕੀਤਾ ਜਾਵੇ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ, ਧਰਮਿੰਦਰ ਸਿੰਘ ਆਦਿ ਨੇ ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਜਾਰੀ ਕਰਨ ਤੇ ਡੀਏਪੀ ਖਾਦ ਦੀ ਘਾਟ ਤੋਂ ਪ੍ਰੇਸ਼ਾਨ ਕਿਸਾਨਾਂ ਦੀ ਸਾਰ ਲੈਣ ਦੀ ਮੰਗ ਕੀਤੀ।