ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 19 ਅਗਸਤ
ਤਿਕੋਨੀਆ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਦੀ 75 ਘੰਟਿਆਂ ਦਾ ਧਰਨਾ ਦੂਜੇ ਦਿਨ ਵਿੱਚ ਜਾਰੀ ਰਿਹਾ। ਅੱਜ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਦੇਸ਼ ਦੇ ਕਿਸਾਨਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਵੱਡੇ ਦੇਸ਼ ਵਿਆਪੀ ਅੰਦੋਲਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਦੇਸ਼ਵਿਆਪੀ ਅੰਦੋਲਨ ਕਦੋਂ, ਕਿੱਥੇ ਅਤੇ ਕਿਵੇਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਢੁਕਵੇਂ ਸਮੇਂ ’ਤੇ ਇਸ ਬਾਰੇ ਜਾਣਕਾਰੀ ਦੇਣਗੇ। ਵੀਰਵਾਰ ਤੋਂ ਸ਼ੁਰੂ ਹੋਏ ਧਰਨੇ ਵਿੱਚ ਸੰਯੁਕਤ ਕਿਸਾਨ ਮੋਰਚਾ ਕੋਰ ਕਮੇਟੀ ਦੇ ਮੈਂਬਰ ਦਰਸ਼ਨ ਪਾਲ, ਸਵਰਾਜ ਇੰਡੀਆ ਦੇ ਕੌਮੀ ਕਨਵੀਨਰ ਯੋਗੇਂਦਰ ਯਾਦਵ ਅਤੇ ਸਮਾਜ ਸੇਵੀ ਮੇਧਾ ਪਾਟੇਕਰ ਸਮੇਤ ਪ੍ਰਮੁੱਖ ਆਗੂ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ, ਰਣਜੀਤ ਰਾਜੂ, ਅਸ਼ੋਕ ਮਿੱਤਲ, ਦੀਪਕ ਲਾਂਬਾ, ਬੀ.ਕੇ.ਯੂ.-ਟਿਕੈਤ ਦੇ ਕੌਮੀ ਸੰਗਠਨ ਸਕੱਤਰ ਭੂਦੇਵ ਸ਼ਰਮਾ ਤੋਂ ਇਲਾਵਾ ਯੂ.ਪੀ ਅਤੇ ਉਤਰਾਖੰਡ ਦੇ ਇੰਚਾਰਜ ਬਲਜਿੰਦਰ ਸਿੰਘ ਮਾਨ, ਇਸ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੰਧੂ ਅਤੇ ਪੰਜਾਬ ਦੇ ਹੋਰ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਹੋਏ। ਇਸ ਮੌਕੇ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਤਾਮਿਲਨਾਡੂ, ਕੇਰਲਾ, ਉੱਤਰ ਪ੍ਰਦੇਸ਼ ਦੇ ਕਿਸਾਨ ਆਗੂਆਂ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।