ਪੱਤਰ ਪ੍ਰੇਰਕ
ਮਾਨਸਾ, 31 ਅਕਤੂਬਰ
ਰਾਸ਼ਟਰੀ ਏਕਤਾ ਦਿਵਸ ਮੌਕੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ। ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਉਪਕਾਰ ਸਿੰਘ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਏ ਰੱਖਣ ਦੀ ਅਪੀਲ ਕੀਤੀ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਫਰੈਂਡਜ਼ ਕਲੱਬ ਸ਼ਹਿਣਾ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਵਰ੍ਹੇਗੰਢ ’ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਕਲੱਬ ਅਹੁਦੇਦਾਰਾਂ ਨੇ ਕਿਹਾ ਕਿ ਸਰਕਾਰ ਪਟੇਲ ਨੇ ਆਜ਼ਾਦੀ ਦੇ ਬਾਅਦ ਦੇਸ਼ ਨੂੰ ਇੱਕ ਕਰਨ ਲਈ ਲੰਬੀ ਯਾਤਰਾ ਕੀਤੀ। ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਆਪਣਾ ਮਹੱਤਵਪੂਰਨ ਰੋਲ ਅਦਾ ਕੀਤਾ ਹੈ।
ਸਿਰਸਾ (ਪ੍ਰਭ ਦਿਆਲ ਸਿਰਸਾ): ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਅਤੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ ਗਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਇੰਦਰਾ ਗਾਂਧੀ ਨੇ ਆਧੁਨਿਕ ਭਾਰਤ ਦੀ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਦਾਰ ਪਟੇਲ ਦੀਆਂ ਕੋਸ਼ਿਸ਼ਾਂ ਨਾਲ ਹੀ ਅਖੰਡ ਭਾਰਤ ਦੀ ਉਸਾਰੀ ਦਾ ਸੁਪਨਾ ਪੂਰਾ ਹੋਇਆ। ਲੋਹ-ਪੁਰਸ਼ ਸਰਦਾਰ ਪਟੇਲ ਨੇ ਭਾਰਤ ਦੀ ਉਸਾਰੀ ਅਤੇ ਤਰੱਕੀ ਵਿੱਚ ਦੇਸ਼ ਦੀ ਅਗਵਾਈ ਕੀਤੀ। ਇਸ ਮੌਕੇ ਸੁਭਾਸ਼ ਜੋਧਪੁਰੀਆ, ਨਵੀਨ ਕੇਡੀਆ, ਸੁਰਿੰਦਰ ਨਹਿਰਾ ਤੇ ਉਰਮਿਲ ਭਾਰਦਵਾਜ ਆਦਿ ਮੌਜੂਦ ਸਨ।
ਇੰਦਰਾ ਗਾਂਧੀ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ
ਮਾਨਸਾ: ਦੇਸ਼ ਦੀ ਪਹਿਲੀ ਮਹਿਲਾ ਅਤੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਧੀ 37ਵੀਂ ਦੀ ਬਰਸੀ ਦੇ ਮੌਕੇ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਮਨੋਜ਼ ਬਾਲਾ ਬਾਂਸਲ ਦੀ ਅਗਵਾਈ ਹੇਠ ਪ੍ਰਣ ਲਿਆ ਗਿਆ। ਇਸ ਮੌਕੇ ਸ੍ਰੀਮਤੀ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਦੀਦਾਰ ਸਿੰਘ ਖਾਰਾ, ਖੇਮ ਸਿੰਘ ਜਟਾਣਾ,ਪੇ੍ਰਮ ਸਾਗਰ ਭੋਲਾ ਕੌਸਲਰ,ਰਾਮਪਾਲ ਬੱਪੀਆਣਾ ਵੀ ਮੌਜੂਦ ਸਨ।