ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਅਕਤੂਬਰ
ਇੱਥੋਂ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਸਰਕਾਰ ਵੱਲੋਂ ਪਹਿਲਾਂ 2 ਕਿਲੋਵਾਟ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਜਾਣ ਅਤੇ ਹੁਣ ਤਤਕਾਲੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ਵਿੱਚੋਂ ਜੀ.ਵੀ.ਕੇ. ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ, ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 07.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 02.33 ਰੁਪਏ ਪ੍ਰਤੀ ਯੂਨਿਟ ਅਤੇ 02.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉੱਤੇ ਆਧਾਰਤ ਪੈਦਾ ਕਰਨ ਨਾਲ ਸਬੰਧਤ ਹਨ। ਇਨ੍ਹਾਂ ਸਦਕਾ ਜੀ.ਵੀ.ਕੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਝ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵੱਲ ਵਧ ਰਹੀ ਹੈ ਤੇ ਲੋਕਾਂ ਨੂੰ ਇਹ ਆਸ ਬੱਝੀ ਹੈ ਕਿ ਉਨ੍ਹਾਂ ਨੂੰ ਸਸਤੀ ਬਿਜਲੀ ਮਿਲੇਗੀ ਤੇ ਪੰਜਾਬ ਸਰਕਾਰ ਇਸ ਆਸ ਨੂੰ ਅਮਲੀ ਰੂਪ ਹਰ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਬਕਾਇਆ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸਨਾਂ ਵਾਲੇ ਬਕਾਇਆ ਬਿੱਲਾਂ ਦੀ ਮੁਆਫੀ ਸਦਕਾ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਦੇ ਅਜਿਹੇ ਫੈਸਲਿਆਂ ਸਦਕਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਨਪੀੜਨ ਲਈ ਵਧਾਈ ਗਈ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਹਤ ਦੇਣ ਮਿਲੀ ਹੈ ਤੇ ਉਹ ਆਪਣੀ ਜ਼ਿੰਦਗੀ ਬਿਹਤਰ ਬਣਾ ਸਕਣਗੇ।