ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 23 ਅਗਸਤ
ਜ਼ੀਰਾ ਦੇ ਪਿੰਡ ਸਨ੍ਹੇਰ ਵਿੱਚ ਸਿਆਸੀ ਆਗੂਆਂ ਦੇ ਦਾਖ਼ਲੇ ਖ਼ਿਲਾਫ਼ ਮਤਾ ਪਾਸ ਗਿਆ ਹੈ। ਬੀਕੇਯੂ ਕਾਦੀਆਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਪਿੰਡ ਦੀ ਪੰਚਾਇਤ ਵੱਲੋਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਮਤਾ ਪਾਸ ਕੀਤਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਕਿਸੇ ਵੀ ਸਿਆਸੀ ਨੇਤਾ ਨੂੰ ਪਿੰਡ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਇਕਾਈ ਪ੍ਰਧਾਨ ਕਰਨਪ੍ਰੀਤ ਕੌਰ ਨੇ ਕਿਹਾ ਕਿ ਸੰਘਰਸ਼ ਵਿੱਚ ਹੁਣ ਤੱਕ 500 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਸਰਕਾਰਾਂ ’ਤੇ ਇਸਦਾ ਕੋਈ ਅਸਰ ਨਹੀਂ ਹੋਇਆ। ਇਸ ਲਈ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡ ਵਿੱਚ ਝੰਡਾ ਜਾਂ ਬੈਨਰ ਪਿੰਡ ਵਿੱਚ ਨਹੀਂ ਲਾਉਣ ਦਿੱਤਾ ਜਾਵੇਗਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਵਿਧਾਨ ਸਭਾ ਹਲਕਾ ਬਾਘਾਪੁਰਾਣਾ ਅਧੀਨ ਪਿੰਡ ਜੈਮਲ ਵਾਲਾ ਵਿਚ ਵੀ ਸਿਆਸੀ ਆਗੂਆਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨ ਅੰਦੋਲਨ ਚੱਲੇਗਾ, ਓਨਾ ਚਿਰ ਪਿੰਡਾਂ ’ਚ ਲੀਡਰਾਂ ਦੀ ਐਂਟਰੀ ਬੈਨ ਰਹੇਗੀ।