ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ ਲੋਕਾਂ ਵੱਲੋਂ 3,76,542 ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦਕਿ ਸੂਬੇ ਵਿੱਚ 72 ਨਾਜਾਇਜ਼ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ’ਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਬਿ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ।
ਡਾ. ਰਾਜੂ ਮੁਤਾਬਕ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ 1 ਫਰਵਰੀ ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਮੁੱਲ ਦਾ ਸਾਮਾਨ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 15.49 ਕਰੋੜ ਰੁਪਏ ਬਣਦੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ’ਚ 1,209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2,906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1,990 ਜਣਿਆਂ ਖ਼ਿਲਾਫ਼ ਕਾਰਵਾਈ ਵਿੱਢੀ ਜਾ ਚੁੱਕੀ ਹੈ।