ਪੱਤਰ ਪ੍ਰੇ੍ਰਕ
ਮਾਨਸਾ, 8 ਅਕਤੂਬਰ
ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ, ਜਿਮੀਂਦਾਰਾਂ, ਕੰਬਾਇਨ ਓਪਰੇਟਰਾਂ ਸਮੇਤ ਹੋਰ ਵਰਗਾਂ ਨਾਲ ਮੀਟਿੰਗਾਂ ਕਰਕੇ ਅਪੀਲਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਸਾਰਥਕ ਸੋਚ ਨੂੰ ਸਫ਼ਲਤਾ ਦਾ ਜਾਮਾ ਪਹਿਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਅੱਜ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਹ ਸੁਝਾਅ ਪ੍ਰਾਪਤ ਹੋਏ ਹਨ ਕਿ ਵਿਦਿਆਰਥੀ ਵਰਗ ਦੀ ਇਸ ਮਹੱਤਵਪੂਰਨ ਵਿਸ਼ੇ ਵਿੱਚ ਸਰਗਰਮ ਭੂਮਿਕਾ ਨਾਲ ਕਿਸਾਨ ਭਾਈਚਾਰੇ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੜ੍ਹਦੇ 11ਵੀਂ ਤੇ 12ਵੀਂ ਜਮਾਤਾਂ ਦੇ ਪੇਂਡੂ ਖੇਤਰਾਂ ਵਾਲੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਉਨ੍ਹਾਂ ਰਾਹੀਂ ਕਿਸਾਨ ਵੀਰਾਂ ਤੱਕ ਪਹੁੰਚ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਆਪੋ ਆਪਣੇ ਪਿੰਡਾਂ ਵਿੱਚ ਰਹਿੰਦੇ ਹੋਏ ‘ਚੇਤਨਾ ਮੁਹਿੰਮ’ ਚਲਾਉਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਸਵੈ ਇੱਛਾ ਨਾਲ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਸਕਦਾ ਹੈ