ਪੱਤਰ ਪ੍ਰੇਰਕ
ਮਾਨਸਰ, 23 ਅਗਸਤ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ਮਾਨਸਰ ’ਤੇ ਲਗਾਇਆ ਧਰਨਾ ਅੱਜ 317 ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਤੇ ਬੀਬੀਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਮੌਕੇ ਬੁਲਾਰਿਆਂ ਨੇ ਕਿਹਾ ਕਿ ਈਸਟ ਇੰਡੀਆ ਕੰਪਨੀ ਨੇ ਵਪਾਰ ਦੇ ਬਹਾਨੇ ਦੇਸ਼ ‘ਤੇ ਕਬਜਾ ਕਰ ਕੇ ਭਾਰਤ ਨੂੰ ਗੁਲਾਮ ਬਣਾ ਲਿਆ ਸੀ। ਉਸੇ ਤਰ੍ਹਾਂ ਹੀ ਕੇਂਦਰ ਦੀ ਮੋਦੀ ਸਰਕਾਰ ਦੇਸ਼ ਨੂੰ ਮੁੜ ਗੁਲਾਮ ਬਣਾਉਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਵੇਚਣ ਦੇ ਰਾਹ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਂ ਨਾਲ ਬਹੁਤ ਵੱਡੇ ਵਾਅਦੇ ਕਰ ਕੇ ਸੱਤਾ ਹਾਸਲ ਕੀਤੀ ਸੀ। ਉਨ੍ਹਾਂ ਨੇ ਪੰਜਾਬ ਦੀ ਕੈਪਟਨ ਸਰਕਾਰ ’ਤੇ ਵੀ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤਾ। ਬੁਲਾਰਿਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਵੀ ਦੁਹਰਾਇਆ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸੰਯੁਕਤ ਕਿਸਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਚੱਲ ਰਿਹਾ ਦਿਨ ਰਾਤ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਧਰਨੇ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੋਗਲੀਆਂ ਨੀਤੀਆਂ ਅਪਣਾ ਕੇ ਕਿਸਾਨੀ ਸੰਘਰਸ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ ਪਰ ਇਸ ਵਿਚ ਭਾਜਪਾ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿਚ ਕਾਨੂੰਨ ਵਿਚ ਸੋਧਾਂ ਕਰਨ ਤੇ ਦੋ ਸਾਲ ਲਈ ਕਾਨੂੰਨਾਂ ਨੂੰ ਮੁਲਤਵੀ ਕਰਨ ਦੀ ਗੱਲ ਕਰਨ ਵਾਲੇ ਕੇਂਦਰੀ ਖੇਤੀ ਮੰਤਰੀ ਅੱਜ ਇਹ ਕਹਿ ਰਹੇ ਹਨ ਕਿ ਇਨ੍ਹਾਂ ਕਾਨੂੰਨਾਂ ਵਿਚ ਕੁੱਝ ਵੀ ਕਾਲਾ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਨੂੰ ਇਨ੍ਹਾਂ ਦੋਗਲੀਆਂ ਨੀਤੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਅਕਾਲੀ ਵਰਕਰਾਂ ਨੇ ਸਰਕਾਰਾਂ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
ਅਜਨਾਲਾ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਅਤੇ ਪੰਜਾਬ ਸਰਕਾਰ ਵੱਲੋ ਆਪਣੇ ਚੋਣ ਵਾਅਦੇ ਪੂਰੇ ਨਾਂ ਕਰਨ ਦੇ ਰੋਸ ਵਜੋਂ ਅੱਜ ਇੱਥੇ ਅਕਾਲੀ ਵਰਕਰਾਂ ਵੱਲੋਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਅਪਣਾ ਕੇ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ ਜਦਕਿ ਦੇਸ਼ ਦਾ ਅੰਨਦਾਤਾ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਗੰਨੇ ਦਾ ਭਾਅ ਗੁਆਂਢੀ ਰਾਜਾਂ ਨਾਲੋਂ ਘੱਟ ਦੇਣ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰ ਅਤੇ ਸੂਬਾ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰੇ।
ਦਿੱਲੀ ਮੋਰਚੇ ਤੇ ਡੀਸੀ ਦਫਤਰਾਂ ਅੱਗੇ ਧਰਨਿਆਂ ਲਈ ਲਾਮਬੰਦੀ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰ ’ਤੇ ਚਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਲਾਮਬੰਦੀ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਆਦਿ ਦੀ ਅਗਵਾਈ ਹੇਠ ਮੀਟਿੰਗ ਕੀਤੀਆ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 5 ਸਤੰਬਰ ਨੂੰ ਦਿੱਲੀ ਮੋਰਚੇ ਵਿਚ ਅੰਮ੍ਰਿਤਸਰ ਵੱਲੋਂ ਜੱਥਾ ਭੇਜਣ ਅਤੇ 28 ਸਤੰਬਰ ਤੋਂ ਪੰਜਾਬ ਦੇ ਡੀਸੀ ਦਫ਼ਤਰਾਂ ਅੱਗੇ ਲੱਗਣ ਵਾਲੇ ਪੱਕੇ ਧਰਨਿਆਂ ਲਈ ਜ਼ੋਨ ਮਜੀਠਾ, ਕੱਥੂਨੰਗਲ,ਬਾਬਾ ਬੁੱਢਾ ਜੀ, ਜੰਡਿਆਲਾ ਗੁਰੁੂ ’ਚ ਮੀਟਿੰਗਾਂ ਕਰਕੇ ਮੋਰਚਿਆਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਲਈ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਜਥੇਬੰਦੀ ਵੱਲੋਂ 28 ਸਤੰਬਰ ਤੋਂ ਡੀਸੀ ਦਫ਼ਤਰਾਂ ਅੱਗੇ ਪੱਕੇ ਧਰਨੇ ਸ਼ੁਰੂ ਕੀਤੇ ਜਾਣਗੇ।