ਪੱਤਰ ਪ੍ਰੇਰਕ
ਪਠਾਨਕੋਟ, 20 ਮਾਰਚ
ਪਿੰਡ ਸਰਨਾ ਸਥਿਤ ਪਾਵਰਕੌਮ ਦੇ 220 ਸਬ-ਸਟੇਸ਼ਨ ਯਾਰਡ ਵਿੱਚ ਝਾੜੀਆਂ ਨੂੰ ਅੱਜ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ। ਇਸ ਅੱਗ ’ਤੇ 2 ਘੰਟੇ ਦੀ ਸਖ਼ਤ ਮੁਸ਼ੱਕਤ ਮਗਰੋਂ ਕਾਬੂ ਪਾਇਆ ਗਿਆ। ਅੱਗ ਲੱਗਣ ਦੀ ਘਟਨਾ ਵਾਪਰਨ ’ਤੇ ਪਾਵਰਕੌਮ ਦੇ ਅਧਿਕਾਰੀਆਂ ਨੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ’ਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਘਟਨਾ ਸਥਾਨ ’ਤੇ ਪੁੱਜੀਆਂ ਅਤੇ ਅੱਗ ਬੁਝਾਊ ਦਸਤਿਆਂ ਨੇ ਸਖ਼ਤ ਮਿਹਨਤ ਮਗਰੋਂ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਨਾਲ ਕਾਫੀ ਸਮੇਂ ਲਈ ਬਿਜਲੀ ਸਪਲਾਈ ਬੰਦ ਰਹੀ ਅਤੇ ਅੱਗ ਬੁਝਾਉਣ ਬਾਅਦ ਹੀ ਵਿਭਾਗ ਨੇ ਬਿਜਲੀ ਚਾਲੂ ਕੀਤੀ। ਵਿਭਾਗ ਦੇ ਇੱਕ ਮੁਲਾਜ਼ਮ ਨੇ ਦੱਸਿਆ ਕਿ ਅੱਗ ਵਿੱਚ ਕਿਸੇ ਪ੍ਰਕਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।