ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 16 ਜੂਨ
ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸਥਾਨਕ ਥਾਣਾ ਸਿਟੀ ਅੱਗੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੇ 86ਵੇਂ ਦਿਨ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਪੁੱਜੇ। ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭਦਿਆਲ ਨੇ ਦੱਸਿਆ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਗਰੀਬ ਅਨੁਸੂਚਿਤ ਜਾਤੀ ਨਾਲ ਸਬੰਧਤ ਪਰਿਵਾਰ ਇਨਸਾਫ਼ ਲਈ ਲੰਮੇ ਸਮੇਂ ਤੋਂ ਸੜਕ ’ਤੇ ਬੈਠਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ।
ਉਨ੍ਹਾਂ ਦੱਸਿਆ ਕਿ ਹੁਣ ਕਮਿਸ਼ਨ ਦੇ ਦਖ਼ਲ ਤੋਂ ਡੀਜੀਪੀ ਨੇ ਮੁਕੱਦਮੇ ਦੀ ਤਫਤੀਸ਼ ਲਈ ਤਿੰਨ ਮੈਂਬਰੀ ਸਿੱਟ ਬਣਾਈ ਹੈ ਜੋ ਕਮਿਸ਼ਨ ਦੀ ਨਿਗਰਾਨੀ ਹੇਠ 30 ਦਿਨਾਂ ’ਚ ਅੰਤਮ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰੇਗੀ।
ਮੌਕੇ ’ਤੇ ਹਾਜ਼ਰ ਸੀਟੂ ਆਗੂ ਸਾਬਕਾ ਵਿਧਾਇਕ ਤਰਸੇਨ ਜੋਧਾਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਮਾਸਟਰ ਜਸਦੇਵ ਸਿੰਘ ਲਲਤੋਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਤੇ ਦਰਸ਼ਨ ਸਿੰਘ ਧਾਲੀਵਾਲ ਨੂੰ ਵਿਸਵਾਸ਼ ਦਿਵਾਇਆ ਗਿਆ ਕਿ ਕਮਿਸ਼ਨ ਗਰੀਬ ਪਰਿਵਾਰ ਦੇ ਹਿੱਤਾਂ ਦੀ ਲੜਾਈ ਜ਼ਰੂਰ ਲੜੇਗਾ ਅਤੇ ਨਿਆਂ ਦਿਵਾਏਗਾ। ਇਸ ਸਮੇਂ ਪ੍ਰਸਾਸ਼ਨ ਵੱਲੋਂ ਐੱਸਪੀ (ਐੱਚ) ਪ੍ਰਿਥੀਪਾਲ ਸਿੰਘ, ਡੀਐੱਸਪੀ ਦਲਜੀਤ ਸਿੰਘ ਵਿਰਕ, ਜ਼ਿਲ੍ਹਾ ਭਲਾਈ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਦਈ ਇਕਬਾਲ ਸਿੰਘ ਰਸੂਲਪੁਰ ਨੇ ਕਿਹਾ ਕਿ ਇਹ ਕਿਹੋ ਜਿਹਾ ਰਾਜ ਪ੍ਰਬੰਧ ਹੈ ਕਿ ਦਹਾਕਿਆਂ ਬੱਧੀ ਲੜਾਈ ਲੜ ਕੇ ਵੀ ਇਨਸਾਫ਼ ਨਹੀਂ ਮਿਲਦਾ। ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਵੀ ਮੁਕੱਦਮੇ ’ਚ ਨਾਮਜ਼ਦ ਡੀਐੱਸਪੀ ਗੁਰਿੰਦਰ ਬੱਲ ਸਮੇਤ ਚਾਰਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਕੁਲਵੰਤ ਕੌਰ ਰਸੂਲਪੁਰ ਦੀ ਕਥਿਤ ਪੁਲੀਸ ਤਸ਼ੱਦਦ ਤੋਂ ਬਾਅਦ ਸੋਲਾਂ ਸਾਲ ਮੰਜੇ ’ਤੇ ਪਏ ਰਹਿਣ ਮਗਰੋਂ ਲੰਘੀ ਦਸੰਬਰ ’ਚ ਮੌਤ ਹੋ ਗਈ ਸੀ ਤੇ ਉਸ ਤੋਂ ਬਾਅਦ ਕਿਤੇ ਜਾ ਕੇ ਪੁਲੀਸ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ ਪਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰੀਬ ਛੇ ਮਹੀਨੇ ਬੀਤ ਜਾਣ ਮਗਰੋਂ ਵੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਇਹ ਧਰਨਾ ਚੱਲ ਰਿਹਾ ਹੈ।