ਮੁਕੇਸ਼ ਕੁਮਾਰ
ਚੰਡੀਗੜ੍ਹ, 18 ਅਗਸਤ
ਚੰਡੀਗੜ੍ਹ ਦੀ ਮੇਅਰ ਸਰਬਜੀਤ ਕੌਰ ਢਿੱਲੋਂ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਦਿੱਲੀ ਦਰਬਾਰ ਪੁੱਜ ਗਈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੇਅਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ ਸ਼ਹਿਰ ਦੇ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ। ਮੇਅਰ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਚੌਥੇ ਦਿੱਲੀ ਵਿੱਤ ਕਮਿਸ਼ਨ ਅਨੁਸਾਰ ਚੰਡੀਗੜ੍ਹ ਨੂੰ ਬਣਦਾ ਹਿੱਸਾ ਜਾਰੀ ਕੀਤਾ ਜਾਵੇ। ਉਨ੍ਹਾਂ ਸ਼ਹਿਰ ਦੀ ਪੁਰਾਣੀ ਸੰਪਤੀ ਨੂੰ ਲੀਜ਼ ਹੋਲਡ ਤੋਂ ਫ੍ਰੀ ਹੋਲਡ ਕਰਨ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ। ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਮੇਅਰ ਸਰਬਜੀਤ ਢਿਲੋਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਸ਼ਹਿਰ ਦੇ ਪਿੰਡ ਦੇ ਲਾਲ ਡੋਰੇ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਗ੍ਰਹਿ ਮੰਤਰੀ ਨੂੰ ਚੰਡੀਗੜ੍ਹ ਸ਼ਹਿਰ ਦੇ ਪਿੰਡਾਂ ਦਾ ਲਾਲ ਡੋਰੇ ਦਾ ਮਸਲਾ ਜਲਦੀ ਹੱਲ ਕਰਨ ਦੀ ਮੰਗ ਕੀਤੀ। ਮੇਅਰ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਕਿ ਚੰਡੀਗੜ੍ਹ ਵਿੱਚ ਰਿਹਾਇਸ਼ੀ ਅਤੇ ਵਪਾਰਕ ਸੰਪਤੀਆਂ ਵਿੱਚ ਲੋੜ ਅਨੁਸਾਰ ਕੀਤੀਆਂ ਤਬਦੀਲੀਆਂ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੀਆਂ 1693 ਅਸਾਮੀਆਂ ਨੂੰ ਬਹਾਲ ਕਰਨ ਸਮੇਤ 2096 ਨਵੀਆਂ ਅਸਾਮੀਆਂ ਸਿਰਜੀਆਂ ਜਾਣ ਅਤੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਨੀਤੀ ਬਣਾਉਣ ਦੀ ਵੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਪਿੰਡਾਂ ਦੇ ਲਾਲ ਡੋਰੇ ਦੇ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਦੇ ਵੱਖ ਵੱਖ ਪਿੰਡ ਦੇ ਲੋਕਾਂ ਨੇ ਲੰਘੇ ਦਿਨ ਮੇਅਰ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਮੇਅਰ ਨੂੰ ਇਸ ਸਮੱਸਿਆ ਦਾ ਛੇਤੀ ਹੀ ਹੱਲ ਕਰਵਾਉਣ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਸ਼ਹਿਰ ਵਿੱਚ ਸੰਪਤੀਆਂ ਵਿੱਚ ਕੀਤੀਆਂ ਲੋੜ ਅਨੁਸਾਰ ਉਸਾਰੀਆਂ ਦਾ ਮਾਮਲਾ ਵੀ ਪਿਛਲੇ ਲੰਮੇ ਸਮੇਂ ਤੋਂ ਭਖਿਆ ਹੋਇਆ ਹੈ। ਅਜਿਹਾ ਸਾਰੀਆਂ ਸਮੱਸਿਆਵਾਂ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਮੇਅਰ ਸਰਬਜੀਤ ਕੌਰ ਢਿਲੋਂ ਨੇ ਦਿੱਲੀ ਪੁੱਜ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਡਿਪਟੀ ਮੇਅਰ ਦਲੀਪ ਸ਼ਰਮਾ ਅਤੇ ਡਿਪਟੀ ਮੇਅਰ ਅਨੂਪ ਗੁਪਤਾ ਵੀ ਹਾਜ਼ਰ ਸਨ।
ਛੇਤੀ ਹੀ ਕੋਈ ਖੁਸ਼ਖ਼ਬਰੀ ਮਿਲਣ ਦੀ ਉਮੀਦ: ਮੇਅਰ
ਮੇਅਰ ਸਰਬਜੀਤ ਕੌਰ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਮੇਅਰ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਪਿੰਡਾਂ ਦੇ ਲਾਲ ਡੋਰੇ ਦੀ ਸਮੱਸਿਆ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਲਾਲ ਡੋਰੇ ਤੋਂ ਬਾਹਰ ਬਣੇ ਮਕਾਨਾਂ ਨੂੰ ਕਿਸੇ ਵੀ ਸੂਰਤ ਵਿੱਚ ਟੁੱਟਣ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਵਿੱਚ ਲੋੜ ਅਨੁਸਾਰ ਕੀਤੀਆਂ ਉਸਾਰੀਆਂ ਅਤੇ ਵਪਾਰੀਆਂ ਸਮੇਤ ਕਰਮਚਾਰੀਆਂ ਸਬੰਧੀ ਪੇਸ਼ ਕੀਤੀਆਂ ਮੰਗਾਂ ਨੂੰ ਵੀ ਛੇਤੀ ਹੀ ਹਲ ਕਰਵਾਉਣ ਦਾ ਭਰੋਸਾ ਦਿੱਤਾ। ਮੇਅਰ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਪਹਿਲੀ ਵਾਰ ਸ਼ਹਿਰ ਦੇ ਕਿਸੇ ਮੇਅਰ ਨੇ ਸ਼ਹਿਰ ਦੇ ਵਪਾਰੀਆਂ, ਕਰਮਚਾਰੀਆਂ, ਸ਼ਹਿਰ ਵਾਸੀਆਂ ਅਤੇ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਛੇਤੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਕੋਈ ਖੁਸ਼ਖਬਰੀ ਮਿਲਣ ਦੀ ਉਮੀਦ ਹੈ।