ਪੱਤਰ ਪ੍ਰੇਰਕ
ਮਹਿਲ ਕਲਾਂ, 10 ਸਤੰਬਰ
ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਵੱਲੋਂ ਮਹਿਲ ਕਲਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਕੇ ਵਰਕਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਦੀ ਸੂਬਾਈ ਆਗੂ ਹਰਪਾਲ ਕੌਰ ਬਰਨਾਲਾ, ਜ਼ਿਲ੍ਹਾ ਜਨਰਲ ਸਕੱਤਰ ਮਾਇਆ ਦੇਵੀ ਧਨੌਲਾ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਬਲਜੀਤ ਕੌਰ ਠੀਕਰੀਵਾਲ ਨੇ ਕਿਹਾ ਕਿ ਮਿਡ-ਡੇਅ ਮੀਲ ਵਰਕਰਾਂ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਣਖਾਹਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਕੁੱਕ ਦਾ ਕੰਮ ਕਰਦੀਆਂ ਆ ਰਹੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਕੁੱਕ ਵਰਕਰਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੰਘਰਸ਼ ਸਦਕਾ ਕੈਪਟਨ ਸਰਕਾਰ ਸਮੇਂ 800 ਰੁਪਏ ਤੇ ਚੰਨੀ ਸਰਕਾਰ ਸਮੇਂ 1200 ਰੁਪਏ ਪ੍ਰਤੀ ਮਹੀਨਾ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਸੀ ਪਰ ਹੁਣ ‘ਆਪ’ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸੱਤ ਹਜ਼ਾਰ ਰੁਪਏ ਮਾਸਿਕ ਭੱਤਾ ਮਿਲਦਾ ਹੈ।
ਇਸ ਮੌਕੇ ਟਰੇਡ ਯੂਨੀਅਨ ਆਗੂ ਤੇ ਸੀਟੂ ਪੰਜਾਬ ਦੇ ਸਕੱਤਰ ਸ਼ੇਰ ਸਿੰਘ ਫਰਵਾਹੀ ਨੇ ਕਿਹਾ ਕਿ ਮਿਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਬਿਲਕੁੱਲ ਜਾਇਜ਼ ਤੇ ਹੱਕੀ ਹੈ। ਇਸ ਲਈ ਸੀਟੂ ਇਨ੍ਹਾਂ ਦੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਰਕਰਾਂ ਬਾਕੀ ਮੁਲਾਜ਼ਮਾਂ ਵਾਂਗ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਨਿਯੁਕਤੀ ਪੱਤਰ/ਪਛਾਣ ਪੱਤਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਵਰਕਰਾਂ ਨੂੰ ਕੋਈ ਵਰਦੀ ਨਹੀਂ ਦਿੱਤੀ ਜਾਂਦੀ ਹੈ, ਕੋਈ ਛੁੱਟੀ ਅਤੇ ਬੀਮੇ ਦਾ ਪ੍ਰਬੰਧ ਨਹੀਂ ਕੀਤਾ ਗਿਆ ਹੈ।
ਇਸ ਮੌਕੇ ਮਿੱਡ-ਡੇਅ ਮੀਲ ਵਰਕਰਾਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਆਪਣਾ ਮੰਗ ਪੱਤਰ ਸੌਂਪਿਆ, ਜਿਨ੍ਹਾਂ ਮਿਡ-ਡੇਅ ਮੀਲ ਵਰਕਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਮੌਕੇ ਜਥੇਬੰਦੀ ਦੀ ਬਲਾਕ ਪ੍ਰਧਾਨ ਸ਼ਿੰਦਰ ਕੌਰ ਦੀਵਾਨਾ, ਮੀਤ ਪ੍ਰਧਾਨ ਕਰਮਜੀਤ ਕੌਰ ਬੀਹਲਾ, ਸਕੱਤਰ ਸਰਬਜੀਤ ਕੌਰ ਭੱਦਲਵੱਡ, ਸ਼ਰਨਜੀਤ ਕੌਰ ਚੁਹਾਣਕੇ, ਸੁਰਿੰਦਰ ਕੌਰ ਵਜੀਦਕੇ ਆਦਿ ਹਾਜ਼ਰ ਸਨ।