ਆਤਿਸ਼ ਗੁਪਤਾ
ਚੰਡੀਗੜ੍ਹ, 7 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ.ਐਮ. ਮਿੱਤਰਾ) ਸਕੀਮ’ ਤਹਿਤ ਟੈਕਸਟਾਈਲ ਪਾਰਕ ਸਥਾਪਿਤ ਕਰਨ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 1000 ਏਕੜ ਜ਼ਮੀਨ ਦੇਣ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਸਰਕਾਰ ਨੇ ਇਸ ਪ੍ਰਾਜੈਕਟ ਲਈ ਫ਼ਤਹਿਗੜ੍ਹ ਸਾਹਿਬ ’ਚ ਜ਼ਮੀਨ ਦੇ ਲੋੜੀਂਦੇ ਰਕਬੇ ਲਈ ਥਾਂ ਦੀ ਸ਼ਨਾਖ਼ਤ ਕਰ ਲਈ ਹੈ। ਮੁੱਖ ਮੰਤਰੀ ਨੇ ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖ ਕੇ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉੱਤੇ ਉਭਾਰੇਗਾ। ਇਹ ਪ੍ਰਾਜੈਕਟ ਸ਼ੁਰੂ ਹੋਣ ਨਾਲ ਪੰਜਾਬ ਦੇਸ਼ ਦੀ ਟੈਕਸਟਾਈਲ ਹੱਬ ਬਣ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਵਿੱਚ ਸਹਾਈ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਦੀਆਂ ਚਾਹਵਾਨ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ ਦੇਸ਼ ਭਰ ਵਿੱਚ ਸੱਤ ‘ਪ੍ਰਧਾਨ ਮੰਤਰੀ ਮੈਗਾ ਇੰਟੈਗਰੇਟਿਡ ਟੈਕਸਟਾਈਲ ਖੇਤਰ ਅਤੇ ਐਪੇਰਲ ਪਾਰਕ’ (ਪੀ.ਐਮ. ਮਿੱਤਰਾ) ਸਥਾਪਤ ਕਰਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਫ਼ਤਹਿਗੜ੍ਹ ਸਾਹਿਬ ਵਿੱਚ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਿਤ ਸਾਰੀਆਂ ਵਾਤਾਵਰਨ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਇਸੇ ਦੌਰਾਨ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਹਿਤ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੀਆਂ ਲੀਹਾਂ ’ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਨੇ ਪਿਛਲੇ ਪੰਜ ਮਹੀਨਿਆਂ ਵਿੱਚ 21 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਲਗਪਗ 93 ਹਜ਼ਾਰ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਹੋਵੇਗਾ।
ਅੱਠ ਜ਼ਿਲ੍ਹਿਆਂ ਵਿੱਚ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ
ਪੰਜਾਬ ਸਰਕਾਰ ਨੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਹਿਤ ਸੂਬੇ ਦੇ 8 ਜ਼ਿਲ੍ਹਿਆਂ ਦੇ ਯੋਜਨਾ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਟਵੀਟ ਰਾਹੀਂ ਕੀਤਾ ਹੈ। ਮੁੱਖ ਮੰਤਰੀ ਨੇ ਨਵੇਂ ਚੇਅਰਮੈਨਾਂ ਦਾ ‘ਰੰਗਲਾ ਪੰਜਾਬ’ ਟੀਮ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਹਰ ਕਿਸੇ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਪਵੇਗੀ। ਮੁੱਖ ਮੰਤਰੀ ਵੱਲੋਂ ਅੱਜ ਐਲਾਨੇ ਗਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨਾਂ ਵਿੱਚ ਜੱਸੀ ਸੋਹੀਆਂ ਨੂੰ ਪਟਿਆਲਾ ਅਤੇ ਜਸਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਯੋਜਨਾ ਬੋਰਡ ਫਾਜ਼ਿਲਕਾ ਦਾ ਚੇਅਰਮੈਨ ਸੁਨੀਲ ਸੱਚਦੇਵਾ, ਜਲੰਧਰ ਦਾ ਅੰਮ੍ਰਿਤਪਾਲ ਸਿੰਘ, ਬਠਿੰਡਾ ਦਾ ਅੰਮ੍ਰਿਤਪਾਲ ਅਗੱਰਵਾਲ, ਸ੍ਰੀ ਮੁਕਤਸਰ ਸਾਹਿਬ ਦਾ ਸੁਖਜਿੰਦਰ, ਨਵਾਂ ਸ਼ਹਿਰ ਦਾ ਸਤਨਾਮ ਜਲਾਲਪੁਰ ਅਤੇ ਮਾਨਸਾ ਦਾ ਚੇਅਰਮੈਨ ਚਰਨਜੀਤ ਅੱਕਾਂਵਾਲੀ ਨੂੰ ਲਗਾਇਆ ਗਿਆ ਹੈ।