ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਅਕਤੂਬਰ
ਐਸੋਸੀਏਟ ਅਤੇ ਪ੍ਰਾਈਵੇਟ ਸਕੂਲਾਂ ਦੇ ਇਕ ਸੂਬਾ ਪੱਧਰੀ ਸਮਾਗਮ ਵਿੱਚ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਇਨ੍ਹਾਂ ਸਕੂਲਾਂ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਕਰੋਨਾ ਮਹਾਮਾਰੀ ਦੌਰਾਨ ਐਸੋਸੀਏਟ ਅਤੇ ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਵਿੱਦਿਆ ਨਾਲ ਜੋੜੀ ਰੱਖਿਆ ਹੈ, ਜਿਸ ਦਾ ਸਮਾਜ ਨੂੰ ਵੱਡਾ ਲਾਭ ਹੋਇਆ ਹੈ। ਇਸ ਸਮਾਗਮ ਦੀ ਸ਼ੁਰੂਆਤ ਉਪ ਮੁਖ ਮੰਤਰੀ ਨੇ ਸ਼ਮ੍ਹਾਂ ਰੋਸ਼ਨ ਕਰਕੇ ਕੀਤੀ। ਸਮਾਗਮ ਵਿੱਚ ਸੂਬੇ ਭਰ ਤੋਂ 1500 ਤੋਂ ਵੱਧ ਸਕੂਲਾਂ ਦੇ ਮੁਖੀਆਂ ਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਨੂੰ ਸਮਾਜ ਵਿੱਚ ਗੁਰੂ ਦਾ ਦਰਜਾ ਦਿੱਤਾ ਗਿਆ ਹੈ ਅਤੇ ਅਧਿਆਪਕਾਂ ਤੋਂ ਬਿਨਾਂ ਦੇਸ਼ ਦਾ ਵਿਕਾਸ ਅਸੰਭਵ ਹੈ। ਅਧਿਆਪਕਾਂ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਦੇਣ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਭਵਿੱਖ ਵਿੱਚ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਕੋਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਸੀ ਤਾਂ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਤੇ ਦੂਰ-ਦੁਰਾਡੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਗਈਆਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਸੋਨੀ ਦਾ ਸਨਮਾਨਤ ਵੀ ਕੀਤਾ ਗਿਆ। ਐਸੋਸੀਏਟ ਸਕੂਲਾਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਨੇ ਸਕੂਲ ਪ੍ਰਬੰਧਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।