ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੂਨ
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਟਾਲਾ ਵਿੱਚ ਮਾਤਾ ਸੁਲੱਖਣੀ ਦੇ ਨਾਮ ’ਤੇ ਮੈਡੀਕਲ ਕਾਲਜ ਖੋਲ੍ਹਣ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂ ਨੇ ਮੁੱਖ ਮੰਤਰੀ ਨੂੰ ਅਪਰੈਲ 2018 ਵਿੱਚ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹੇ ਜਾਣ ਦਾ ਕੀਤਾ ਵਾਅਦਾ ਵੀ ਚੇਤੇ ਕਰਾਇਆ ਹੈ। ਜਾਣਕਾਰੀ ਅਨੁਸਾਰ ਸ੍ਰੀ ਬਾਜਵਾ ਇਸ ਗੱਲੋਂ ਖ਼ਫ਼ਾ ਹਨ ਕਿ ਸਰਹੱਦੀ ਖੇਤਰ ਨੂੰ ਪੰਜਾਬ ਸਰਕਾਰ ਵੱਲੋਂ ਵਿਕਾਸ ਤੇ ਪ੍ਰਾਜੈਕਟਾਂ ਦੇ ਮਾਮਲੇ ’ਚ ਅਣਗੌਲਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਬੀਤੀ 10 ਜੂਨ ਨੂੰ ਪੰਜਾਬ ਵਿੱਚ ਚਾਰ ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਦੀ ਚੋਣ ਕੀਤੀ ਗਈ ਹੈ। ਸ੍ਰੀ ਬਾਜਵਾ ਨੇ ਪੱਤਰ ਵਿੱਚ ਲਿਖਿਆ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਬਟਾਲਾ ਵਿੱਚ ਨਵਾਂ ਮੈਡੀਕਲ ਕਾਲਜ ਖੋਲ੍ਹਣ, ਜੋ ਮਾਤਾ ਸੁਲੱਖਣੀ ਦੇ ਨਾਮ ’ਤੇ ਹੋਵੇ। ਉਨ੍ਹਾਂ ਜ਼ਿਕਰ ਕੀਤਾ ਹੈ ਕਿ 2017 ਦੀਆਂ ਚੋਣਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਨੇ ਕਾਂਗਰਸ ਦੀ ਝੋਲੀ ਜਿੱਤ ਪਾਈ ਸੀ ਅਤੇ ਕਾਂਗਰਸ ਵਿੱਚ ਭਰੋਸਾ ਜ਼ਾਹਰ ਕੀਤਾ ਸੀ। ਉਨ੍ਹਾਂ ਲਿਖਿਆ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਲੋਕਾਂ ਦੀ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਕਾਫ਼ੀ ਪੁਰਾਣੀ ਮੰਗ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਇਲਾਕੇ ਦੇ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਅੰਮ੍ਰਿਤਸਰ ਜਾਣਾ ਪੈਂਦਾ ਹੈ।