ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਜੂਨ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ 254ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਥਿਤ ਪੁਲੀਸ ਵਧੀਕੀਆਂ ਖ਼ਿਲਾਫ਼ ਜਥੇਬੰਦੀ ਵੱਲੋਂ 13 ਜੂਨ ਨੂੰ ਲਹਿਰਾਗਾਗਾ ਸਦਰ ਥਾਣੇ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ੍ਰੀ ਪਸ਼ੌਰ ਨੇ ਕਿਹਾ ਕਿ ਜਥੇਬੰਦੀ ਨੂੰ ਕਾਫੀ ਸਮੇਂ ਤੋਂ ਆਮ ਲੋਕਾਂ ਨੂੰ ਪੁਲੀਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਪੀੜਤਾਂ ਦੇ ਮਸਲਿਆਂ ਦੀ ਕੋਈ ਸੁਣਵਾਈ ਨਾ ਹੋਣ ਕਰਕੇ ਉਨ੍ਹਾਂ ਨੂੰ ਆਪਣਾ ਕੰਮਕਾਰ ਛੱਡਕੇ ਦਿਨ ਰਾਤ ਥਾਣੇ ਦੇ ਚੱਕਰ ਕੱਢਣੇ ਪੈਂਦੇ ਹਨ। ਇਸੇ ਨੂੰ ਮੁੱਖ ਰੱਖਦੇ ਹੋਏ ਜਥੇਬੰਦੀ ਨੇ ਐਤਵਾਰ ਨੂੰ ਥਾਣਾ ਅੱਗੇ ਧਰਨਾ ਦੇਣ ਦਾ ਫੈਸਲਾ ਉਲੀਕੀਆਂ ਹੈ। ਇਸ ਮੌਕੇ ਦਰਸ਼ਨ ਸਿੰਘ ਚੰਗਾਲੀਵਾਲਾ , ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ ਖ਼ਜ਼ਾਨਚੀ, ਬੂਟਾ ਸਿੰਘ ਭੁਟਾਲ ਕਲਾ, ਭੋਲਾ ਸਿੰਘ ਭੁਟਾਲ ਕਲਾ, ਪ੍ਰੈਸ ਸਕੱਤਰ ਹਰਜਿੰਦਰ ਸਿੰਘ ਨੰਗਲਾ, ਕਲਵਿੰਦਰ ਸਿੰਘ ਬਖੋਰਾ ਖੁਰਦ,ਬਾਬਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ,ਪ੍ਰੀਤਮ ਸਿੰਘ ਲਹਿਲ ਕਲਾਂ, ਮਹਿਲਾ ਵਿੰਗ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ,ਬਲਾਕ ਆਗੂ ਜਸ਼ਨਦੀਪ ਕੋਰ ਪਸ਼ੌਰ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਮਗਰੋਂ ਭਰੇ ਟੈਕਸਾਂ ’ਚੋਂ ਪੁਲੀਸ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਮਿਲਦੀਆਂ ਹਨ ਤੇ ਉਹ ਆਮ ਲੋਕਾਂ ਦੇ ਸੇਵਾਦਾਰ ਹਨ ਪਰ ਕਰਮਚਾਰੀ ਆਪਣੇ ਫ਼ਰਜ਼ਾਂ ਤੋਂ ਭੱਜ ਰਹੇ ਹਨ।