ਨਵੀਂ ਦਿੱਲੀ, 22 ਅਪਰੈਲ
ਦੇਸ਼ ਦੇ ਕੋਵਿਡ-19 ਹਸਪਤਾਲਾਂ ’ਚ ਆਕਸੀਜਨ ਦੀ ਘਾਟ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਖ ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਕਸੀਜਨ ਦੀ ਸਪਲਾਈ ਬਿਨਾਂ ਰੁਕਾਵਟ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ। ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਆਕਸੀਜਨ ਦਾ ਉਤਪਾਦਨ ਵਧਾਉਣ, ਉਸ ਦੀ ਵੰਡ ਦੀ ਰਫ਼ਤਾਰ ਤੇਜ਼ ਕਰਨ ਅਤੇ ਹਸਪਤਾਲਾਂ ’ਚ ਉਸ ਦੀ ਵਰਤੋਂ ਦੇ ਨਵੇਂ ਤਰੀਕਿਆਂ ਦਾ ਪਤਾ ਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸੂਬਿਆਂ ਨੂੰ ਆਕਸੀਜਨ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਸਪਲਾਈ ’ਚ ਕੋਈ ਅੜਿੱਕਾ ਖੜ੍ਹਾ ਹੁੰਦਾ ਹੈ ਤਾਂ ਸਥਾਨਕ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਪਿਛਲੇ ਕੁਝ ਹਫ਼ਤਿਆਂ ਦੌਰਾਨ ਆਕਸੀਜਨ ਦੀ ਸਪਲਾਈ ’ਚ ਸੁਧਾਰ ਲਈ ਕੀਤੇ ਗਏ ਯਤਨਾਂ ਬਾਰੇ ਸ੍ਰੀ ਮੋਦੀ ਨੂੰ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬਿਆਂ ਨਾਲ ਤਾਲਮੇਲ ਬਣਾ ਕੇ ਆਕਸੀਜਨ ਦੀ ਮੰਗ ਅਤੇ ਉਸ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਦੇ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਨੂੰ ਸੂਬਿਆਂ ’ਚ ਆਕਸੀਜਨ ਸਪਲਾਈ ਤੇਜ਼ੀ ਨਾਲ ਵਧਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕਿਹਾ ਕਿ 20 ਸੂਬਿਆਂ ਦੀ ਮੌਜੂਦਾ 6,785 ਐੱਮਟੀ ਰੋਜ਼ਾਨਾ ਆਕਸੀਜਨ ਦੀ ਮੰਗ ਦੇ ਮੁਕਾਬਲੇ ’ਚ 21 ਅਪਰੈਲ ਨੂੰ ਇਨ੍ਹਾਂ ਸੂਬਿਆਂ ਨੂੰ 6,822 ਐੱਮਟੀ ਆਕਸੀਜਨ ਭੇਜੀ ਗਈ ਹੈ। ਪਿਛਲੇ ਕੁਝ ਹਫ਼ਤਿਆਂ ’ਚ ਤਰਲ ਮੈਡੀਕਲ ਆਕਸੀਜਨ ਦੀ ਉਪਲੱਬਧਤਾ ਕਰੀਬ 3,300 ਐੱਮਟੀ ਰੋਜ਼ਾਨਾ ਤੱਕ ਵੱਧ ਗਈ ਹੈ। ਪ੍ਰਧਾਨ ਮੰਤਰੀ ਨੇ ਸਬੰਧਤ ਮੰਤਰਾਲਿਆਂ ਨੂੰ ਕਿਹਾ ਕਿ ਉਹ ਆਕਸੀਜਨ ਦੀ ਸਪਲਾਈ ਅਤੇ ਉਤਪਾਦਨ ਵਧਾਉਣ ਦੇ ਨਵੇਂ ਰਾਹ ਲੱਭਣ। -ਏਜੰਸੀ