ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਚੰਡੀਗੜ੍ਹ/ਐੱਸਏਐੱਸ ਨਗਰ (ਮੁਹਾਲੀ), 11 ਜੂਨ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੇ ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਜੇ ਹਮਖ਼ਿਆਲੀ ਪਾਰਟੀ ਨਾਲ ਸਿਆਸੀ ਗੱਠਜੋੜ ਨਹੀਂ ਹੋਇਆ ਤਾਂ ਉਨ੍ਹਾਂ ਦੀ ਪਾਰਟੀ ਆਪਣੇ ਬਲਬੂਤੇ ’ਤੇ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਸ਼ਮੀਰ ਸਿੰਘ ਮਵੀ, ਜਥੇਦਾਰ ਸੂਬਾ ਸਿੰਘ ਗਲੋੜੀ, ਧਰਮ ਸਿੰਘ ਮਵੀ, ਸੁਖਜਿੰਦਰ ਸਿੰਘ ਮਵੀ, ਗਜਿੰਦਰ ਸਿੰਘ ਪਾਤੜਾਂ, ਗੁਰਬਚਨ ਸਿੰਘ ਪ੍ਰੇਮ ਸਿੰਘ ਵਾਲਾ, ਨਿਰਭੈ ਸਿੰਘ ਨਿਆਣ ਤੇ ਹੋਰਨਾਂ ਨੇ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਸ੍ਰੀ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਦੇ ਕੋਵਿਡ ਵੈਕਸੀਨ, ਫਤਿਹ ਕਿੱਟ ਸਮੇਤ ਹੋਰ ਘੁਟਾਲਿਆਂ ਸਮੇਤ ਭ੍ਰਿਸ਼ਟਾਚਾਰ ਮੁਕਤ ਸਮਾਜ, ਵਿਕਾਸ, ਸਿੱਖਿਆ ਤੇ ਸਿਹਤ ਅਤੇ ਕਿਸਾਨੀ ਪ੍ਰਮੁੱਖ ਮੁੱਦੇ ਹੋਣਗੇ। ਇਸ ਤੋਂ ਇਲਾਵਾ ਕੋਟਕਪੂਰਾ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਲਈ ਜ਼ਿੰਮੇਵਾਰ ਰਾਜਸੀ ਆਗੂਆਂ ਅਤੇ ਅਫ਼ਸਰਾਂ ਨੂੰ ਕਾਨੂੰਨ ਮੁਤਾਬਕ ਸਜ਼ਾਵਾਂ ਦਿਵਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦੀ ਜਥੇਬੰਦਕ ਢਾਂਚੇ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਨਾਲ ਹੀ ਯੂਥ ਵਿੰਗ ਅਤੇ ਮਹਿਲਾ ਵਿੰਗ ਕਾਇਕ ਕਰਕੇ ਨੌਜਵਾਨਾਂ ਤੇ ਔਰਤਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਤੇ ਬੂਥ ਪੱਧਰ ’ਤੇ ਵਰਕਰਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।