ਪੱਤਰ ਪ੍ਰੇਰਕ
ਭਗਤਾ ਭਾਈ, 30 ਅਕਤੂਬਰ
ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਲਗਾਏ ਮੁਫ਼ਤ ਅਪਰੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੀ ਮੌਜੂਦ ਸਨ। ਸ੍ਰੀ ਜੌੜੇਮਾਜਰਾ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਚੰਗਾ ਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਹਸਪਤਾਲ ਦੀਆਂ ਆਧੁਨਿਕ ਤਕਨੀਕ ਦੀਆਂ ਅੱਖਾਂ ਦੀਆਂ ਮਸ਼ੀਨਾਂ ਬਾਰੇ ਵੀ ਸਟਾਫ਼ ਨਾਲ ਗੱਲਬਾਤ ਕੀਤੀ। ਇਸ ਮੌਕੇ ਸਵਾਮੀ ਬ੍ਰਹਮ ਮੁਨੀ ਜੀ ਤੇ ਬਾਬਾ ਗੰਗਾ ਰਾਮ ਨੇ ਸਿਹਤ ਮੰਤਰੀ ਜੌੜੇਮਾਜਰਾ ਦਾ ਸਨਮਾਨ ਕੀਤਾ।