ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਮਈ
ਹਰਿਆਣਾ ਦੇ ਕਿਸਾਨਾਂ ’ਤੇ ਹਿਸਾਰ ਵਿੱਚ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਟਿਕਰੀ ਬਾਰਡਰ ‘ਤੇ ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਲੈ ਕੇ ਭਾਜਪਾ ਹਕੂਮਤ ਦਾ ਸਾਰੇ ਹੀ ਭਾਰਤ ਅੰਦਰ ਵਿਰੋਧ ਹੋ ਰਿਹਾ ਹੈ। ਇਸੇ ਕੜੀ ਵਜੋਂ ਹਰਿਆਣੇ ਦੇ ਅੰਦਰ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।
ਕਿਸਾਨਾਂ ਦੇ ਵਿਰੋਧ ਨੂੰ ਕੁਚਲਣ ਵਾਸਤੇ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਨੇ ਮੁੱਖ ਮੰਤਰੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ‘ਤੇ ਅੱਥਰੂ ਗੈਸ, ਸਿੱਧੀਆਂ ਗੋਲੀਆਂ ਅਤੇ ਲਾਠੀਚਾਰਜ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਕਿਸਾਨ, ਮਜ਼ਦੂਰ ਜ਼ਖ਼ਮੀ ਹੋਏ ਜਿਸ ਦੇ ਵਿਰੋਧ ਵਿੱਚ ਅੱਜ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਬਸੰਤ ਸਿੰਘ ਕੋਠਾਗੁਰੂ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਖੇਤੀਬਾੜੀ ਧੰਦੇ ਨੂੰ ਤਬਾਹ ਕਰਨ ਵਾਲੇ ਕਾਨੂੰਨ ਬਣਾ ਲਏ ਹਨ। ਇਸ ਮੌਕੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਪੂਰੇ ਦੇਸ਼ ਅੰਦਰ ਕਰੋਨਾ ਦੇ ਨਾਂ ਹੇਠ ਮੌਕੇ ਦੀਆਂ ਸਰਕਾਰਾਂ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀਆਂ ਹਨ। ਦੇਸ਼ ਅੰਦਰ ਆਕਸੀਜਨ ਦੀ ਬਲੈਕ ਹੋ ਰਹੀ ਹੈ, ਡਾਕਟਰਾਂ ਦੀ ਘਾਟ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਧੱਕੇ ਜਾ ਰਹੇ ਹਨ। ਅੱਜ ਭਗਤ ਸਿੰਘ ਦੇ ਸਾਥੀ ਮਹਾਂਵੀਰ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਟੇਜ ਤੋਂ ਸ਼ਰਧਾਂਜਲੀ ਭੇਟ ਕੀਤੀ ਗਈ।