ਚਰਨਜੀਤ ਭੁੱਲਰ
ਚੰਡੀਗੜ੍ਹ, 10 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦਾਇਰੇ ’ਚੋਂ ਮੰਡੀ ਗੋਬਿੰਦਗੜ੍ਹ ਨੂੰ ਬਾਹਰ ਰੱਖਿਆ ਗਿਆ ਹੈ ਕਿਉਂਕਿ ਇਸ ਸ਼ਹਿਰ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕ੍ਰਿਸਮਸ ਮੌਕੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਅੱਜ 9-10 ਨਵੰਬਰ ਦੀ ਅੱਧੀ ਰਾਤ ਤੋਂ ਲੈ ਕੇ 30 ਨਵੰਬਰ ਤੋਂ 1 ਦਸੰਬਰ ਤੱਕ ਪਟਾਕੇ ਚਲਾਊਣ ’ਤੇ ਮੁਕੰਮਲ ਪਾਬੰਦੀ ਲਾਗੂ ਕਰ ਦਿੱਤੀ ਹੈ। ਅੱਜ ਜਾਰੀ ਕੀਤੇ ਹੁਕਮਾਂ ਮੁਤਾਬਕ ਪੰਜਾਬ ਵਿਚ ਸਿਰਫ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ-ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ। ਇਸੇ ਤਰ੍ਹਾਂ ਕ੍ਰਿਸਮਸ ਮੌਕੇ ਲੋਕ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਪਟਾਕੇ ਚਲਾ ਸਕਣਗੇ। ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਰੋਕਾਂ ਦੀ ਕਿਸੇ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਆਖਿਆ।