ਨਵੀਂ ਦਿੱਲੀ, 29 ਨਵੰਬਰ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਲੋਕਾਈ ਨੂੰ ਏਕਤਾ, ਸਦਭਾਵਨਾ ਅਤੇ ਸੇਵਾ ਦਾ ਰਾਹ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਲਈ ਪ੍ਰੇਰਣਾ ਹਨ। ਉਨ੍ਹਾਂ ਦੇ ਸੁਨੇਹੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ’ਚ ਹੀ ਸਾਰੀ ਸਿੱਖਿਆ ਦਾ ਸਾਰ ਹੈ। ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਵੀ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। -ਪੀਟੀਆਈ
ਪ੍ਰਧਾਨ ਮੰਤਰੀ ਵੱਲੋਂ ਗੁਰਪੁਰਬ ਦੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਨੀਆ ਭਰ ’ਚ ਸਿੱਖਾਂ ਨੇ ਗੁਰੂ ਨਾਨਕ ਦੇਵ ਜੀ ਦੀ ਪ੍ਰੇਰਣਾ ਨਾਲ ਸ਼ੁਰੂ ਕੀਤੀ ਗਈ ਲੰਗਰ ਪ੍ਰਥਾ ਨੂੰ ਕਰੋਨਾਵਾਇਰਸ ਮਹਾਮਾਰੀ ਦੌਰਾਨ ਜਾਰੀ ਰੱਖ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ’ਚ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣਾ ਇਤਿਹਾਸਕ ਫ਼ੈਸਲਾ ਰਿਹਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਵੀ ਕੁਝ ਸਾਲ ਦੂਰ ਹੈ ਅਤੇ ਅਗਲੇ ਸਾਲ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਉਹ ਵੱਡਭਾਗੇ ਹਨ ਕਿ ਗੁਰੂ ਸਾਹਿਬਾਨ ਨਾਲ ਜੁੜੇ ਗੁਰਪੁਰਬ ਮਨਾਉਣ ਦੀ ਸੇਵਾ ਉਨ੍ਹਾਂ ਦੇ ਹਿੱਸੇ ਆਈ ਹੈ। -ਪੀਟੀਆਈ