ਰਾਏਕੋਟ (ਰਾਮ ਗੋਪਾਲ ਰਾਏਕੋਟੀ): ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਨ ਮਨਾਉਣ ਦੇ ਦਿੱਤੇ ਸੱਦੇ ਤਹਿਤ ਅੱਜ ਨੇੜਲੇ ਪਿੰਡ ਬੱਸੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਬਲਾਕ ਰਾਏਕੋਟ ਦੇ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਬੱਸੀਆਂ ਇਕਾਈ ਦੇ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਸੰਘਰਸ਼ ਸ਼ੁਰੂ ਹੋਏ ਨੂੰ 26 ਮਈ ਨੂੰ 6 ਮਹੀਨੇ ਪੂਰੇ ਹੋ ਜਾਣਗੇ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਆਪਣੇ ਘਰਾਂ, ਦੁਕਾਨਾਂ, ਗੱਡੀਆਂ-ਮੋਟਰਾਂ ’ਤੇ ਕਾਲੀਆਂ ਝੰਡੀਆਂ ਲਗਾਓ ਤਾਂ ਜੋ 26 ਮਈ ਦੇ ਇਸ ਸੱਦੇ ਨੂੰ ਕਾਮਯਾਬ ਕਰਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਬਾਓ ਬਣਾਇਆ ਜਾ ਸਕੇ। ਪ੍ਰਧਾਨ ਬੱਸੀਆਂ ਨੇ ਦੱਸਿਆ ਕਿ ਦਿੱਲੀ ਬਾਰਡਰਾਂ ’ਤੇ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਚੜ੍ਹਦੀ ਕਲਾ ਵਿੱਚ ਹੈ। ਇਸ ਮੌਕੇ ਪਿੰਡ ਬੱਸੀਆਂ ਤੋਂ ਕਿਸਾਨਾਂ ਦਾ 38 ਵਾਂ ਜੱਥਾ ਟਿਕਰੀ ਬਾਰਡਰ ਲਈ ਰਵਾਨਾ ਹੋਇਆ।