ਪੱਤਰ ਪ੍ਰੇਰਕ
ਅਜੀਤਵਾਲ, 30 ਅਕਤੂਬਰ
ਪਿੰਡ ਰਾਮੂੰਵਾਲਾ ਨਵਾਂ ਵਿੱਚ ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ ਹੈ। ਗਿਆਨੀ ਅਮਰਜੀਤ ਸਿੰਘ ਮੱਲ੍ਹੀਆਂ ਵਾਲਾ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਰਹਿਰਾਸ ਸਾਹਿਬ ਦੇ ਪਾਠ ਕਰਨ ਦੀ ਤਿਆਰੀ ਲਈ ਦਰਬਾਰ ਸਾਹਿਬ ਅੰਦਰ ਪਹੁੰਚੇ ਤਾਂ ਧੂੰਆਂ ਨਿਕਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਘਟਨਾ ਬਾਰੇ ਗੁਰਦੁਆਰੇ ਦੇ ਪ੍ਰਧਾਨ ਨੂੰ ਸੂਚਿਤ ਕੀਤਾ ਅਤੇ ਸੰਗਤ ਦੇ ਸਹਿਯੋਗ ਨਾਲ ਅੱਗ ਬੁਝਾਈ। ਉਨ੍ਹਾਂ ਦੱਸਿਆ ਕਿ ਅੰਦਰ ਛੋਟੀ ਪੱਖੀ ਸੜh ਹੋਈ ਸੀ ਤੇ ਪਾਵਨ ਸਰੂਪ ਅਗਨ ਭੇਟ ਹੋ ਚੁੱਕਾ ਸੀ। ਘਟਨਾ ਬਾਰੇ ਸੂਚਨਾ ਮਿਲਣ ’ਤੇ ਐੱਸਐੱਚਓ ਇਕਬਾਲ ਹੁਸੈਨ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ। ਉਧਰ, ਬਾਬਾ ਬਲਜੀਤ ਸਿੰਘ, ਭਾਈ ਜਸਵਿੰਦਰ ਸਿੰਘ ਘੋਲੀਆ ਸਤਿਕਾਰ ਕਮੇਟੀ, ਮਨਪ੍ਰੀਤ ਸਿੰਘ ਮੋਗਾ ਤੇ ਹਰਦੀਪ ਸਿੰਘ ਨੇ ਪਹੁੰਚ ਕੇ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।