ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 22 ਅਗਸਤ
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਜ਼ਿਲ੍ਹੇ ਦੇ ਕਰੀਬ 6 ਹਜ਼ਾਰ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ 3 ਕਰੋੜ 97 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਸਬੰਧੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਇਆ ਗਿਆ।
ਇਸ ਦੌਰਾਨ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਨੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ ਤੇ ਅਮਲੋਹ ਦੇ 16 ਬੇਜ਼ਮੀਨੇ ਕਿਸਾਨਾਂ ਅਤੇ ਖੇਤ ਕਾਮਿਆਂ ਨੂੰ ਕਰਜ਼ਾ ਰਾਹਤ ਪ੍ਰਮਾਣ ਪੱਤਰ ਤੇ ਚੈੱਕ ਸੌਂਪੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦੇਣ ਦੀ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਮਨਦੀਪ ਕੌਰ ਨਾਗਰਾ, ਡੀਸੀ ਸੁਰਭੀ ਮਲਿਕ, ਵਧੀਕ ਡੀਸੀ (ਜ) ਰਾਜੇਸ਼ ਧੀਮਾਨ, ਡਿਪਟੀ ਰਜਿਸਟਰਾਰ ਅਭਿਤੇਸ਼ ਸਿੰਘ ਹਾਜ਼ਰ ਸਨ।