ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਵਿੱਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿੱਚ ਹੜ੍ਹ ਆਉਣ ਨਾਲ ਲੋਕਾਂ ਦੇ ਹੋਏ ਜਾਨ-ਮਾਲ ਦੇ ਨੁਕਸਾਨ ਲਈ ਪੰਜਾਬ ’ਤੇ ਰਾਜ ਕਰਨ ਵਾਲੀਆਂ ਸਾਰੀਆਂ ਸਿਆਸੀ ਧਿਰਾਂ ਜ਼ਿੰਮੇਵਾਰ ਹਨ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ, ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਤੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪ੍ਰਧਾਨ ਸੁਖਜੀਤ ਸਿੰਘ ਸਣੇ ਹੋਰਨਾਂ ਨੇ ਕਿਹਾ ਕਿ ਬੇਸ਼ੱਕ ਹੜ੍ਹ ਆਉਣਾ ਕੁਦਰਤੀ ਆਫ਼ਤ ਕਹਾਉਂਦਾ ਹੈ, ਪਰ ਪੰਜਾਬ ਵਿੱਚ ਇਸ ਦੀ ਮਾਰ ਪੈਣ ਕਾਰਨ ਹੋਏ ਨੁਕਸਾਨ ਲਈ ਸਿਰਫ਼ ਕੁਦਰਤ ਨਹੀਂ, ਸਗੋਂ ਸਮੇਂ ਸਿਰ ਪ੍ਰਬੰਧ ਨਾ ਕਰਨ ਵਾਲੀਆਂ ਸਰਕਾਰਾਂ ਮੁੱਖ ਤੌਰ ’ਤੇ ਜ਼ਿੰਮੇਵਾਰ ਹਨ।