ਧਿਆਨ ਸਿੰਘ ਭਗਤ
ਕਪੂਰਥਲਾ, 15 ਜੁਲਾਈ
ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਤੀ ਦੇਰ ਰਾਤ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਭਰੋਆਣਾ ਨੇੜਿਓਂ ਸਤਲੁਜ ਦਾ ਧੁੱਸੀ ਬੰਨ੍ਹ ਤੋੜ ਦਿੱਤਾ ਗਿਆ। ਪੁਲੀਸ ਨੇ ਇਸ ਮਾਮਲੇ ਵਿੱਚ ਵਿਧਾਇਕ ਅਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਿਰੋਧੀ ਧਿਰਾਂ ਦੇ ਆਗੂਆਂ ਨੇ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਬੰਨ੍ਹ ਤੋੜਨ ਦੀ ਨਿਖੇਧੀ ਕੀਤੀ ਅਤੇ ਵਿਧਾਇਕ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਦੂਜੇ ਪਾਸੇ ਬੰਨ੍ਹ ਤੋੜਨ ਮਗਰੋਂ ਕੁੱਝ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਵਿਧਾਇਕ ਰਾਣਾ ਅਨੁਸਾਰ ਉਨ੍ਹਾਂ ਦੇ ਖੇਤਰ ਦੇ ਲੋਕ ਹੜ੍ਹ ਦੇ ਪਾਣੀ ਕਾਰਨ ਖ਼ਤਰੇ ਵਿੱਚ ਹਨ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਹੀ ਕੈਨੇਡਾ ਤੋਂ ਦੇਸ਼ ਪਰਤੇ ਹਨ। ਆਉਂਦਿਆਂ ਹੀ ਉਨ੍ਹਾਂ ਆਪਣੇ ਖੇਤਰ ਸੁਲਤਾਨਪੁਰ ਲੋਧੀ ਵਿੱਚ ਹੜ੍ਹ ਦਾ ਜਾਇਜ਼ਾ ਲਿਆ। ਇਸ ਦੌਰਾਨ ਅੱਠ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਹੜ੍ਹ ਕਾਰਨ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ। ਇਸ ਤੋਂ ਬਾਅਦ ਵਿਧਾਇਕ ਨੇ ਡਰੇਨੇਜ ਵਿਭਾਗ ਨੂੰ ਸੂਚਿਤ ਕੀਤਾ ਕਿ ਜੇ ਧੁੱਸੀ ਬੰਨ੍ਹ ਤੋੜ ਦਿੱਤਾ ਜਾਵੇ ਤਾਂ ਹੜ੍ਹ ਦਾ ਪਾਣੀ ਵਾਪਸ ਸਤਲੁਜ ਦਰਿਆ ਵਿੱਚ ਹੁੰਦੇ ਹੋਏ ਹਰੀਕੇ ਹੈੱਡ ਵਰਕਸ ਵੱਲ ਚਲਾ ਜਾਵੇਗਾ। ਇਸ ਦੇ ਜਵਾਬ ਵਿੱਚ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਬੰਨ੍ਹ ਤੋੜਨ ਲਈ ਪ੍ਰਸ਼ਾਸਨ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ। ਇਸ ਮਗਰੋਂ ਵਿਧਾਇਕ ਨੇ ਪਿੰਡ ਵਾਸੀਆਂ ਅਤੇ ਆਪਣੇ ਵਰਕਰਾਂ ਨੂੰ ਬੰਨ੍ਹ ਤੋੜਨ ਲਈ ਕਹਿ ਦਿੱਤਾ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ ਪਰ ਲੋਕਾਂ ਅੱਗੇ ਪੁਲੀਸ ਦੀ ਇੱਕ ਨਾ ਚੱਲੀ।
ਉਧਰ ਭਾਜਪਾ ਆਗੂ ਕਰਨਜੀਤ ਸਿੰਘ ਆਹਲੀ ਨੇ ਕਿਹਾ ਕਿ ਬੰਨ੍ਹ ਸਰਕਾਰੀ ਹੈ ਅਤੇ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਇਸ ਨੂੰ ਤੋੜਨਾ ਗੈਰਕਾਨੂੰਨੀ ਹੈ। ਉਨ੍ਹਾਂ ਬੰਨ੍ਹ ਤੋੜਨ ਵਾਲੇ ਵਿਧਾਇਕ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੁਲਤਾਨਪੁਰ ਲੋਧੀ ਦੇ ਐੱਸਡੀਐੱਮ ਚੰਦਰਾ ਜੋਤੀ ਨੇ ਕਿਹਾ ਕਿ ਉਹ ਜਾਂਚ ਮਗਰੋਂ ਹੀ ਕੁਝ ਦੱਸ ਸਕਦੇ ਹਨ। ਕਪੂਰਥਲਾ ਦੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਡਰੇਨੇਜ ਵਿਭਾਗ ਨੇ ਐਕਸੀਅਨ ਨੂੰ ਵਿਸਥਾਰਤ ਰਿਪੋਰਟ ਪੁਲੀਸ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਐੱਸਐੱਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਐਕਸੀਅਨ ਦੀ ਰਿਪੋਰਟ ਮਿਲ ਗਈ ਹੈ। ਜਾਂਚ ਮਗਰੋਂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।