ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 10 ਸਤੰਬਰ
ਸਿਟੀ ਪੁਲੀਸ ਫ਼ਰੀਦਕੋਟ ਵੱਲੋਂ ਕਥਿਤ ਤੌਰ ’ਤੇ ਰਾਤ ਸਮੇਂ ਘਰਾਂ ਵਿੱਚ ਚੋਰੀਆਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪੁਲੀਸ ਹਿਰਾਸਤ ਵਿੱਚ ਮੌਤ ਹੋ ਗਈ ਹੈ। ਇਹ ਘਟਨਾ ਵਾਪਰਨ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਸਿਟੀ ਪੁਲੀਸ ਫਰੀਦਕੋਟ ਨੇ ਸੁਖਵਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮੰਡਵਾਲਾ ਨੂੰ ਚੋਰੀ ਦੇ ਦੋਸ਼ ਹੇਠ 8 ਸਤੰਬਰ ਨੂੰ ਫਰੀਦਕੋਟ ਦੀ ਦਾਣਾ ਮੰਡੀ ’ਚੋਂ ਗ੍ਰਿਫ਼ਤਾਰ ਕੀਤਾ ਸੀ ਤੇ 9 ਸਤੰਬਰ ਦੀ ਦੇਰ ਸ਼ਾਮ ਪੁਲੀਸ ਰਿਮਾਂਡ ਲਈ ਸੁਖਵਿੰਦਰ ਸਿੰਘ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਂਦਾ ਗਿਆ। ਅਦਾਲਤ ਦੇ ਬਾਹਰ ਪੁਲੀਸ ਵਾਹਨ ਵਿੱਚ ਹੀ ਸੁਖਵਿੰਦਰ ਸਿੰਘ ਦੀ ਹਾਲਤ ਵਿਗੜ ਗਈ ਤੇ ਉਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਸੂਤਰਾਂ ਅਨੁਸਾਰ ਪੁਲੀਸ ਹਿਰਾਸਤ ਵਿੱਚ ਸੁਖਵਿੰਦਰ ਸਿੰਘ ਉੱਪਰ ਕਥਿਤ ਤੌਰ ’ਤੇ ਪੁਲੀਸ ਤਸ਼ੱਦਦ ਹੋਇਆ ਸੀ। ਸੁਖਵਿੰਦਰ ਸਿੰਘ ਪਿੰਡ ਮੰਡਵਾਲਾ ਦੇ ਗਰੀਬ ਪਰਿਵਾਰ ਨਾਲ ਸਬੰਧਤ ਹੈ। ਇਹ ਮਾਮਲਾ ਅੱਜ ਉਦੋਂ ਉਜਾਗਰ ਹੋਇਆ ਜਦੋਂ ਇਸ ਦੀ ਜੁਡੀਸ਼ਲ ਜਾਂਚ ਦੇ ਹੁਕਮ ਦਿੱਤੇ ਗਏ। ਪੋਸਟਮਾਰਟਮ ਮੈਡੀਕਲ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ, ਜ਼ਿਲ੍ਹਾ ਪੁਲੀਸ ਮੁਖੀ ਸਵਰਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜੁਡੀਸ਼ਲ ਜਾਂਚ ਚੱਲ ਰਹੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।