ਆਤਿਸ਼ ਗੁਪਤਾ
ਚੰਡੀਗੜ੍ਹ, 20 ਅਪਰੈਲ
ਮੰਡੀਆਂ ਵਿੱਚ ਕਣਕ ਦੇ ਮਾੜੇ ਖਰੀਦ ਪ੍ਰਬੰਧਾਂ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਸਿਵਲ ਸਪਲਾਈ ਤੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ। ਪੁਲੀਸ ਨੇ ਉਨ੍ਹਾਂ ਨੂੰ ਧਰਨੇ ਤੋਂ ਉਠਾਉਣ ਦੀ ਦੀ ਕੋਸ਼ਿਸ਼ ਕੀਤੀ ਪਰ ਉਹ ਕੈਬਨਿਟ ਮੰਤਰੀ ਦੀ ਰਿਹਾਇਸ਼ ਅੱਗੇ ਡਟੇ ਰਹੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਮੰਗ ਕੀਤੀ।
ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕਰਨ ’ਚ ਫੇਲ੍ਹ ਰਹੇ ਹਨ। ਕੈਪਟਨ ਸਰਕਾਰ ਦੇ ਮਾੜੇ ਪ੍ਰਬੰਧਾਂ ਕਰਕੇ ਕਿਸਾਨ ਮੰਡੀਆਂ ਵਿੱਚ ਖੱਜਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਖੁਸ਼ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਕਰਕੇ ਮੰਡੀਆਂ ’ਚ ਕਣਕ ਖ਼ਰਾਬ ਹੋ ਰਹੀ ਹੈ।
‘ਆਪ’ ਵਿਧਾਇਕ ਨੇ ਕਿਹਾ ਕਿ ਹਰ ਸਾਲ ਖ਼ਰੀਦ ਸੀਜ਼ਨ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ ਪਰ ਸਰਕਾਰ ਨੇ ਇਸ ਦਾ ਹੁਣ ਤਕ ਕੋਈ ਪ੍ਰਬੰਧ ਨਹੀਂ ਕੀਤਾ। ਸੂਬੇ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਜੱਦੋਜਹਿਦ ਕਰ ਰਹੇ ਹਨ ਪਰ ਸਰਕਾਰ ਸੁੱਤੀ ਪਈ ਹੈ। ਪੰਜਾਬ ਦੇ ਕਿਸਾਨ ਪਹਿਲਾਂ ਹੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਹੁਣ ਕਣਕ ਵੇਚਣ ਲਈ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਬੰਧ ਠੀਕ ਕਰਨ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਗੁਰਭੇਜ ਬਰਾੜ, ਮਹਿੰਦਰ ਸਿੰਘ ਸਿੱਧੂ, ਚੇਤਨ ਸਿੰਘ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।