ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਸੱਕਾਂਵਾਲੀ ਵਿੱਚ ਮਾੜੇ ਬੀਜ ਕਾਰਨ ਫ਼ਲੀਆਂ ਨਾ ਲੱਗਣ ਮਗਰੋਂ 16 ਏਕੜ ਰਕਬੇ ਵਿੱਚ ਬੀਜੀ ਮੂੰਗੀ ਦੀ ਫ਼ਸਲ ਵਾਹੁਣ ਵਾਲੇ ਕਿਸਾਨ ਚਰਨਜੀਤ ਸਿੰਘ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮੂੰਗੀ ਲਾਉਣ ਲਈ ਪ੍ਰੇਰਿਤ ਕਰ ਰਹੇ ਹਨ ਪਰ ਨਾ ਤਾਂ ਉਨ੍ਹਾਂ ਸਹੀ ਬੀਜ ਮੁਹੱਈਆ ਕਰਵਾਇਆ ਤੇ ਨਾ ਹੀ ਮੰਡੀਕਰਨ ਦਾ ਪ੍ਰਬੰਧ ਕੀਤਾ, ਜਿਸ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਵਾਹੁਣੀ ਪੈ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਅਪੀਲ ਕੀਤੀ ਕਿ ਸੂਬਾ ਸਰਕਾਰ ਇਨ੍ਹਾਂ ਕਿਸਾਨਾਂ ਨੂੰ ਘੱਟੋ-ਘੱਟ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ। ਅਕਾਲੀ ਦਲ ਦੇ ਪ੍ਰਧਾਨ ਨੇ ਮੀਂਹ ਕਾਰਨ ਫ਼ਸਲਾਂ ਦੇ ਹੋ ਰਹੇ ਨੁਕਸਾਨ ਲਈ ਵੀ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇੱਥੇ ਡੀਸੀ ਦਫ਼ਤਰ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੇਂਦਰ ਸਕੀਮਾਂ ਅਧੀਨ ਆਏ ਫੰਡਾਂ ਅਤੇ ਉਨ੍ਹਾਂ ਦੇ ਖਰਚੇ ਦਾ ਰੋਜ਼ਾਨਾ ਵੇਰਵਾ ਦੇਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਫੰਡਾਂ ਦੀ ਸਹੀ ਵਰਤੋਂ ਹੋਵੇ ਅਤੇ ਇਹ ਲੋੜਵੰਦਾਂ ਤੱਕ ਪੁੱਜਣ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਕੇਂਦਰੀ ਸਕੀਮਾਂ ਲਈ ਆਪਣਾ ਬਣਦਾ ਹਿੱਸਾ ਨਹੀਂ ਦੇ ਰਹੀ, ਜਿਸ ਕਾਰਨ ਇਹ ਯੋਜਨਾਵਾਂ ਲਾਗੂ ਨਹੀਂ ਹੋ ਰਹੀਆਂ। ਇਸ ਮੌਕੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜਗਜੀਤ ਸਿੰਘ ਹਨੀ ਫੱਤਣਵਾਲਾ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਸਣੇ ਹੋਰ ਅਧਿਕਾਰੀ ਹਾਜ਼ਰ ਸਨ।
‘ਮਾਨ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ’
ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅਤਿਵਾਦੀ ਕਹਿਣ ਵਾਲੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਇੱਕ ਸੀਨੀਅਰ ਆਗੂ ਅਤੇ ਸਾਬਕਾ ਆਈਪੀਐੱਸ ਅਧਿਕਾਰੀ ਹਨ, ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਕਿਹਾ ਕਿ ਉਹ ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ਦੀ ਨਿਖੇਧੀ ਕਰਦੇ ਹਨ। ਸੁਖਬੀਰ ਨੇ ਕਿਹਾ, ‘‘ਸਿਮਰਨਜੀਤ ਸਿੰਘ ਮਾਨ ਦਾ ਕੋਈ ਭਰੋਸਾ ਨਹੀਂ ਕਿ ਉਹ ਕਿਸ ਸਮੇਂ ਕੀ ਕਹਿ ਦੇਣ, ਮਾਨਸਿਕ ਤੌਰ ’ਤੇ ਉਹ ਉਨ੍ਹਾਂ ਨਾਲ ਰਲ ਨਹੀਂ ਸਕਦੇ।’’ ਉਨ੍ਹਾਂ ਕਿਹਾ ਕਿ ਉਹ ਸਿਮਰਨਜੀਤ ਸਿੰਘ ਮਾਨ ਦੇ ਇਸ ਬਿਆਨ ਨੂੰ ਰੱਦ ਕਰਦੇ ਹਨ।