ਆਰ.ਕੇ. ਮਿੱਤਲ
ਗੂਹਲਾ ਚੀਕਾ (ਕੈਥਲ), 2 ਸਤੰਬਰ
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਸ਼ ਅਤੇ ਸੂਬੇ ਵਿੱਚ ਸਿਆਸੀ ਸੱਭਿਆਚਾਰ ਨੂੰ ਬਦਲਣ ਦਾ ਕੰਮ ਕੀਤਾ ਹੈ। ਵਿਕਾਸ ਦੇ ਮੱਦੇਨਜ਼ਰ ਪੂਰੇ ਦੇਸ਼ ਤੇ ਸੂਬੇ ਵਿੱਚ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਿਵਸਥਾ ’ਚ ਬਦਲਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਨੂੰ ਭਲਾਈ ਸਕੀਮਾਂ ਦਾ ਸਿੱਧਾ ਲਾਭ ਮਿਲ ਰਿਹਾ ਹੈ ਤੇ ਵਿਚੋਲਿਆਂ ਨੂੰ ਪਾਸੇ ਕਰ ਦਿੱਤਾ ਹੈ। ਕੈਥਲ ਦੀ ਨਵੀਂ ਅਨਾਜ ਮੰਡੀ ਵਿੱਚ ਅੰਮ੍ਰਿਤ ਕਾਲ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਮੱਦੇਨਜ਼ਰ ਕੈਥਲ ਵਿੱਚ 997 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਸ ਰੈਲੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੌਮੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਸਰਕਾਰ ਨੇ ਦੇਸ਼ ਅਤੇ ਸੂਬੇ ਵਿੱਚੋਂ ਜਾਤੀਵਾਦ, ਖੇਤਰਵਾਦ, ਭਾਈ-ਭਤੀਜਾਵਾਦ ਨੂੰ ਖਤਮ ਕਰਕੇ ਹਰ ਵਰਗ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕਰਨ ਦਾ ਕੰਮ ਕੀਤਾ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ ਹੇਠ ਸਾਰੀਆਂ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਹ ਆਪਣੇ ਪਰਿਵਾਰ ਵਾਂਗ ਸਮਾਜ ਦੀ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਨ੍ਹਾਂ ਨੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਸੀ, ਜਿਸ ’ਤੇ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਹਰਿਆਣਾ ਦੇ ਇੰਚਾਰਜ ਵਿਨੋਦ ਤਾਵੜੇ, ਸੰਸਦ ਮੈਂਬਰ ਨਾਇਬ ਸਿੰਘ ਸੈਣੀ ਅਤੇ ਧਰਮਵੀਰ ਸਿੰਘ, ਰਾਜ ਮੰਤਰੀ ਕਮਲੇਸ਼ ਢਾਂਡਾ ਅਤੇ ਖੇਡ ਰਾਜ ਮੰਤਰੀ ਸੰਦੀਪ ਸਿੰਘ ਆਦਿ ਹਾਜ਼ਰ ਸਨ।