ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਚਰਚਾ ਕਰਨ ਲਈ ਨਗਰ ਨਿਗਮ ਤੇ ਗਲਾਡਾ ਦੇ ਅਫ਼ਸਰਾਂ ਦੇ ਨਾਲ ਸੰਯੁਕਤ ਤੌਰ ’ਤੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਗਲਾਡਾ ਦੇ ਮੁੱਖ ਪ੍ਰਸਾਸ਼ਕ ਅਮਰਪ੍ਰੀਤ ਕੌਰ ਸੰਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਪ੍ਰਾਜੈਕਟਾਂ ’ਤੇ ਵਿਚਾਰ ਵਟਾਂਦਰੇ ਕੀਤੇ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਵੀ ਦਿੱਤੇ। ਸ੍ਰੀ ਸਿੱਧੂ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਵੱਲੋਂ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਲਕਾ ਵਾਸੀ ਥਾਂ-ਥਾਂ ਲੱਗੇ ਕੂੜੇ ਦੇ ਢੇਰ, ਟੁੱਟੀਆਂ ਸੜਕਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਔਕੜਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਥਾਂ-ਥਾਂ ਸੜਕਾਂ ’ਤੇ ਪਏ ਟੋਏ ਅਕਸਰ ਹਾਦਸਿਆਂ ਨੂੰ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਾਸੀਆਂ ਨੇ ਉਨ੍ਹਾਂ ’ਤੇ ਭਰੋਸਾ ਕਰਦਿਆਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਦੇ ਹੋਏ ਹਲਕੇ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।