ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 31 ਜਨਵਰੀ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਅਤੇ ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਕਿਸਾਨਾਂ ਖਿਲਾਫ਼ ਦਰਜ ਕੇਸ ਰੱਦ ਕਰਨ, ਐੱਮਐੱਸਪੀ ਸਬੰਧੀ ਕਮੇਟੀ ਬਣਾਉਣ, 700 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ, ਹਰਿਆਣਾ ਤੇ ਲਖੀਮਪੁਰ ਘਟਨਾ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਦੇ ਵਾਅਦੇ ਕੀਤੇ ਗਏ ਸਨ ਜੋ ਸਰਕਾਰ ਨੇ ਪੂਰੇ ਨਹੀਂ ਕੀਤੇ।
ਸਮਾਣਾ (ਸੁਭਾਸ਼ ਚੰਦਰ/ਅਸ਼ਵਨੀ ਗਰਗ): ਸੰਯੁਕਤ ਕਿਸਾਨ ਮੋਰਚਾ ਸਮਾਣਾ ਦੀਆਂ ਕਿਸਾਨ, ਮਜ਼ਦੂਰ ਅਤੇ ਭਰਾਤਰੀ ਜਥੇਬੰਦੀਆਂ ਨੇ ਤਹਿਸੀਲ ਪਾਰਕ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਕੰਪਲੈਕਸ ਦੇ ਸਾਹਮਣੇ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਸਮਾਣਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ, ਆਗੂ ਦਰਸ਼ਨ ਸਿੰਘ ਲਾਡੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਦਰਸਨਪਾਲ, ਟੇਕ ਸਿੰਘ ਅਸਰਪੁਰ ਚੁੱਪਕੀ ਆਦਿ ਹਾਜ਼ਰ ਸਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਡਾ. ਦਰਸ਼ਨ ਪਾਲ ਸਿੰਘ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਧੜੇ ਵੱਲੋਂ ਜਸਵਿੰਦਰ ਸਿੰਘ ਬਿਸ਼ਨਪੁਰਾ, ਗੁਰਮੇਲ ਸਿੰਘ ਗਾਜੇਵਾਸ, ਭਿੰਦਰ ਸਿੰਘ ਕਲਬੁਰਛਾ, ਸੁਰਜੀਤ ਸਿੰਘ ਅਤੇ ਜਗਸੀਰ ਸਿੰਘ ਦੀ ਅਗਵਾਈ ਹੇਠ ਵਾਅਦਾਖ਼ਿਲਾਫ਼ੀ ਦਿਹਾੜੇ ਨੂੰ ਵੱਖਰੇ ਤੌਰ ’ਤੇ ਮਨਾਉਂਦਿਆਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਘਨੌਰ (ਬਹਾਦਰ ਸਿੰਘ ਮਰਦਾਂਪੁਰ): ਕਿਸਾਨ ਜਥੇਬੰਦੀਆਂ ਵੱਲੋਂ ਧਰਮਪਾਲ ਸਿੰਘ ਸੀਲ, ਜਗਪਾਲ ਸਿੰਘ ਮੰਡੌਲੀ, ਮਨਿੰਦਰਜੀਤ ਵਿੱਕੀ ਘਨੌਰ, ਤੇਜਿੰਦਰ ਸਿੰਘ ਹਾਸ਼ਮਪੁਰ, ਹਰਵਿੰਦਰ ਸਿੰਘ ਮਿੱਠੂ ਊਕਸੀ, ਗੁਰਦੀਪ ਸਿੰਘ ਰੂੜਕੀ, ਦਵਿੰਦਰ ਸਿੰਘ ਸੀਲ ਅਤੇ ਗੁਰਮੀਤ ਸਿੰਘ ਬਹਾਵਲਪੁਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਖਿਲਾਫ਼ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਇੱਥੇ ਐੱਸਡੀਐੱਮ ਦਫ਼ਤਰ ਅੱਗੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ ਮੌਕੇ ਬਲਾਕ ਖਜ਼ਾਨਚੀ ਲਖਵਿੰਦਰ ਸਿੰਘ ਡੂਡੀਆਂ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮੌਕੇ ਐਲਾਨੇ ਵਾਅਦਿਆਂ ਦੀ ਵਾਅਦਾਖ਼ਿਲਾਫ਼ੀ ਖ਼ਿਲਾਫ਼ ਵੱਖ ਵੱਖ ਥਾਵਾਂ ‘ਤੇ ਮੋਦੀ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਗੂ ਅਮਰੀਕ ਸਿੰਘ ਨੇ ਸੰਬੋਧਨ ਕੀਤਾ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸਬ-ਤਹਿਸੀਲ ਦੁਧਨਸਾਧਾਂ ਵਿੱਚ ਇਕੱਠੇ ਹੋਈਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।
ਧੂਰੀ (ਹਰਦੀਪ ਸੋਢੀ/ਪਵਨ ਸ਼ਰਮਾ): ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਉਦਿਆਂ ਐੱਸ.ਡੀ.ਐੱਮ ਧੂਰੀ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ| ਇਸ ਮੌਕੇ ਕਿਸਾਨ ਆਗੂ ਨਿਰਮਲ ਸਿੰਘ ਘਨੌਰ, ਮੇਜਰ ਸਿੰਘ ਪੁੰਨਾਵਾਲ, ਜਰਨੈਲ ਸਿੰਘ ਜਹਾਂਗੀਰ, ਹਰਦੇਵ ਸਿੰਘ ਘਨੌਰੀ, ਜਰਨੈਲ ਸਿੰਘ ਜਹਾਂਗੀਰ ਨੇ ਸੰਬੋਧਨ ਕੀਤਾ।
ਰਾਜਪੁਰਾ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਖਿਲਾਫ ਕਿਸਾਨ ਆਗੂਆਂ ਮਾਨ ਸਿੰਘ ਰਾਜਪੁਰਾ, ਉਜਾਗਰ ਸਿੰਘ ਧਮੌਲੀ, ਜਵਾਹਰ ਲਾਲ ਖੇੜਾ ਗੱਜੂ, ਜਸਮੇਰ ਸਿੰਘ ਕਬੂਲਪੁਰ, ਗੁਰਦੇਵ ਸਿੰਘ ਜੰਡੌਲੀ ਦੀ ਅਗਵਾਈ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ।