ਟ੍ਰਿਬਿਊਨ ਿਨਊਜ਼ ਸਰਵਿਸ
ਨਵੀਂ ਦਿੱਲੀ, 29 ਅਕਤੂਬਰ
1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ 37 ਸਾਲ ਪੂਰੇ ਹੋਣ ਵਾਲੇ ਹਨ ਅਤੇ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਅਤੇ ਮੁਆਵਜ਼ਾ ਨਾ ਮਿਲਣ ਕਾਰਨ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਦੇਸ਼ ਦੇ 9 ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਐੱਨਸੀਐੱਮ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਹੈ ਕਿ ਸੂਬਾਈ ਸਰਕਾਰਾਂ ਨੇ ਦੰਗੇ ਭੜਕਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਵਿੱਚ ਢਿੱਲ ਵਰਤੀ ਤੇ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ ਹੈ। ਜਿਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਉਨ੍ਹਾਂ ਵਿੱਚ ਦਿੱਲੀ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਬਿਹਾਰ, ਹਰਿਆਣਾ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਸ਼ਾਮਲ ਹਨ।