ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਦੇ ਕਰੀਬ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਜਪਾ ਦੀਆਂ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ। ਇਸ ਤੋਂ ਇਲਾਵਾ ਕੁਝ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੇ ਨਾਂ ’ਤੇ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਕਰੋੜਾਂ ਰੁਪਏ ਫੀਸ ਵਜੋਂ ਵਸੂਲ ਕੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕੀਤਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਤੇ ਹੋਰ ਖਾਲੀ ਅਸਾਮੀਆਂ ’ਤੇ ਪਹਿਲ ਦੇ ਆਧਾਰ ’ਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੜ੍ਹੇ-ਲਿਖੇ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਮਿਲਣ ਦੀ ਉਡੀਕ ਕਰ ਰਹੇ ਹਨ, ਪਰ ਸੱਤਾ ’ਤੇ ਕਾਬਜ਼ ਰਹੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੱਤਾ ’ਤੇ ਕਾਬਜ਼ ਹੋਣ ਮਗਰੋਂ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਦੇ ਪੋਤੇ ਸਣੇ ਕਾਂਗਰਸ ਦੇ ਵਿਧਾਇਕਾਂ ਤੇ ਆਗੂਆਂ ਦੇ ਧੀਆਂ-ਪੁੱਤਾਂ ਨੂੰ ਹੀ ਨੌਕਰੀਆਂ ਦਿੱਤੀਆਂ ਹਨ। ‘ਆਪ’ ਆਗੂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਣਨ ’ਤੇ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣਗੀਆਂ ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਨੂੰ ਮੈਰਿਟ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ।