ਸਤਪਾਲ ਰਾਮਗੜ੍ਹੀਆ
ਪਿਹੋਵਾ, 29 ਅਕਤੂਬਰ
ਇਥੇ ਡੇਂਗੂ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਨਗਰ ਪਾਲਿਕਾ ਵੱਲੋਂ ਫੌਗਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ| ਨਗਰ ਕੌਂਸਲ ਦੇ ਸਕੱਤਰ ਅੰਕੁਸ਼ ਪਰਾਸ਼ਰ ਨੇ ਦੱਸਿਆ ਕਿ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਕਸਬੇ ਦੇ ਸਾਰੇ ਵਾਰਡਾਂ ਅਤੇ ਕਲੋਨੀਆਂ ਵਿੱਚ ਫੌਗਿੰਗ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਮੰਤਰੀ ਸੰਦੀਪ ਸਿੰਘ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਫੌਗਿੰਗ ਦਾ ਕੰਮ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਈ ਵਾਰਡਾਂ ਵਿੱਚ ਬੁਕਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਸੰਦੀਪ ਸਿੰਘ ਨੇ ਫ਼ੋਨ ’ਤੇ ਦੱਸਿਆ ਕਿ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ| ਹਸਪਤਾਲ ਵਿੱਚ ਦਵਾਈਆਂ ਅਤੇ ਆਕਸੀਜਨ ਦੀ ਕੋਈ ਕਮੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਟੀਮਾਂ ਬਣਾ ਕੇ ਅਧਿਕਾਰੀਆਂ ਨੂੰ ਭੇਜ ਕੇ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੇ ਵਧਣ-ਫੁੱਲਣ ਦੇ ਨਾਲ-ਨਾਲ ਰੋਕਥਾਮ ਦੇ ਉਪਰਾਲਿਆਂ ਬਾਰੇ ਵੀ ਜਾਗਰੂਕ ਕੀਤਾ।