ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਪੰਜਾਬ ਪੁਲੀਸ ਨੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ’ਚ ਇੱਕ ਗਿਰਜਾਘਰ (ਚਰਚ) ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜ਼ੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਹੈ। ਸਿਟ ਦੀ ਅਗਵਾਈ ਫਿਰੋਜ਼ਪੁਰ ਰੇਂਜ ਦੇ ਆਈਜੀ ਕਰਨਗੇ ਜਿਸ ’ਚ ਤਰਨ ਤਾਰਨ ਦੇ ਐੱਸਐੱਸਪੀ ਅਤੇ ਐੱਸਪੀ ਇਨਵੈਸਟੀਗੇਸ਼ਨ ਮੈਂਬਰ ਵਜੋਂ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਬੁੱਧਵਾਰ ਨੂੰ ਡੀਜੀਪੀ ਨੂੰ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਵਿਰੋਧੀ ਤਾਕਤਾਂ ਵੱਲੋਂ ਅੰਜਾਮ ਦਿੱਤੀ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਿਟ ਇਸ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਜਾਂਚ ਕਰੇਗੀ ਅਤੇ ਜਲਦੀ ਤੋਂ ਜਲਦੀ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਹਾਇਤਾ ਲੈਣ ਲਈ ਸਿਟ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ। ਡੀਜੀਪੀ ਨੇ ਕਿਹਾ ਕਿ ਅਮਨ-ਕਾਨੂੰਨ ਕਾਇਮ ਰੱਖਣ ਦੇ ਨਾਲ-ਨਾਲ ਪੁਲੀਸ ਸੂਬੇ ਵਿੱਚ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।