ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 2 ਜਨਵਰੀ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇੱਥੋਂ ਦੇ ਫੇਜ਼-10 ਸਥਿਤ ਸਿਲਵੀ ਪਾਰਕ ਦੀ ਲਾਇਬਰੇਰੀ ਨੂੰ ਸਮਾਜ ਭਲਾਈ ਸੰਸਥਾ ਸ਼ਹੀਦ ਭਗਤ ਸਿੰਘ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਨੂੰ ਸੌਂਪ ਦਿੱਤਾ ਹੈ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਕੌਂਸਲਰ ਨਰਪਿੰਦਰ ਸਿੰਘ ਰੰਗੀ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਲੋਕਾਂ ਨੂੰ ਸਾਹਿਤ, ਰਸਾਲੇ ਅਤੇ ਅਖ਼ਬਾਰ ਪੜ੍ਹਨ ਦੀ ਰੁਚੀ ਵਧਾਉਣ ਦੇ ਮੰਤਵ ਹੇਠ ਲਾਇਬਰੇਰੀਆਂ ਖੋਲ੍ਹੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਕਈ ਇਲਾਕੇ ਵਿੱਚ ਵੈੱਲਫੇਅਰ ਸੰਸਥਾਵਾਂ ਇਨ੍ਹਾਂ ਨੂੰ ਲਾਇਬਰੇਰੀ ਚਲਾਉਣ ਲਈ ਅੱਗੇ ਆਈਆਂ ਹਨ। ਪੂਰੀ ਛਾਣਬੀਣ ਤੋਂ ਬਾਅਦ ਨਗਰ ਨਿਗਮ ਵੱਲੋਂ ਪਾਰਕਾਂ ਵਿਚਲੀਆਂ ਸਮੂਹ ਲਾਇਬਰੇਰੀ ਭਲਾਈ ਸੰਸਥਾਵਾਂ ਨੂੰ ਸੌਂਪੀਆਂ ਜਾਣਗੀਆਂ। ਇਨ੍ਹਾਂ ਲਾਇਬਰੇਰੀਆਂ ਦਾ ਬਿਜਲੀ ਬਿੱਲ ਅਤੇ ਅਖ਼ਬਾਰਾਂ ਦਾ ਖ਼ਰਚਾ ਨਗਰ ਨਿਗਮ ਵੱਲੋਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੰਸਥਾ ਨੂੰ ਹਰੇਕ ਮਹੀਨੇ 10 ਹਜ਼ਾਰ ਰੁਪਏ ਵਿੱਤੀ ਮਦਦ ਵੀ ਦਿੱਤੀ ਜਾਵੇਗੀ।