* ਲੰਮੀ ਚੁੱਪ ਮਗਰੋਂ ਕੇਂਦਰ ਸਰਕਾਰ ਸਰਗਰਮ ਹੋਈ
* ਭਾਜਪਾ ਆਗੂ ਜਿਆਣੀ ਦੀ ਅਗਵਾਈ ’ਚ ਵਫ਼ਦ ਵੱਲੋਂ ਰਾਜਨਾਥ ਤੇ ਖੇਤੀ ਮੰਤਰੀ ਨਾਲ ਮੀਟਿੰਗ
* ਦੀਵਾਲੀ ਮਗਰੋਂ ਹੋ ਸਕਦੀ ਹੈ ਬੈਠਕ
ਚਰਨਜੀਤ ਭੁੱਲਰ
ਚੰਡੀਗੜ੍ਹ, 8 ਨਵੰਬਰ
ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਕੌਮੀ ਪਸਾਰ ਨੂੰ ਦੇਖਦੇ ਹੋਏ ਗੱਲਬਾਤ ਲਈ ਰਾਹ ਮੋਕਲਾ ਕੀਤਾ ਹੈ। ਕੇਂਦਰ ਵੱਲੋਂ ਕਿਸਾਨ ਧਿਰਾਂ ਨੂੰ ਮੰਤਰੀ ਪੱਧਰ ਦੀ ਮੀਟਿੰਗ ਲਈ ਪੇਸ਼ਕਸ਼ ਕੀਤੀ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੰਜਾਬ ਦੇ ਕਿਸਾਨ ਆਗੂਆਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਹੈ। ਰੱਖਿਆ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਸੇ ਵਕਤ ਵੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਹੈ ਤੇ ਲਿਖਤੀ ਸੱਦਾ ਭੇਜੇ ਜਾਣ ਦੀ ਗੱਲ ਆਖੀ ਹੈ। ਜਾਣਕਾਰੀ ਮੁਤਾਬਕ ਦੀਵਾਲੀ ਮਗਰੋਂ ਇਹ ਮੀਟਿੰਗ ਹੋ ਸਕਦੀ ਹੈ। ਦੱਸਣਯੋਗ ਹੈ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ 26 ਅਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਹੋਇਆ ਹੈ। ਪੰਜਾਬ ਦੀਆਂ ਤੀਹ ਕਿਸਾਨ ਧਿਰਾਂ ਵੱਲੋਂ ਇਸ ਦੀ ਤਿਆਰੀ ਵਿੱਢੀ ਗਈ ਹੈ। ਪੰਜਾਬ ’ਚ ਸੰਘਰਸ਼ ਭਖਣ ਮਗਰੋਂ ਇਹ ਅੰਦੋਲਨ ਕੌਮੀ ਰੂਪ ਲੈਣ ਲੱਗਾ ਹੈ। ਇਸ ਤੋਂ ਪਹਿਲਾਂ ਕੌਮੀ ਪੱਧਰ ’ਤੇ 5 ਨਵੰਬਰ ਨੂੰ ਚੱਕਾ ਜਾਮ ਨੂੰ ਮਿਲੇ ਹੁੰਗਾਰੇ ਦਾ ਵੀ ਕੇਂਦਰ ਨੇ ਨੋਟਿਸ ਲਿਆ ਹੈ। ਕੇਂਦਰ ਸਰਕਾਰ ਨੇ ਲੰਮੀ ਚੁੱਪ ਮਗਰੋਂ ਹੁਣ ਗੱਲਬਾਤ ਦਾ ਰਾਹ ਖੋਲ੍ਹਿਆ ਹੈ। ਇਹ ਵੱਖਰੀ ਗੱਲ ਹੈ ਕਿ ਮਾਲ ਗੱਡੀਆਂ ਦੀ ਆਵਾਜਾਈ ਖੋਲ੍ਹਣ ਲਈ ਕੇਂਦਰ ਨੇ ਅੜੀ ਵੀ ਨਾਲੋ-ਨਾਲ ਫੜੀ ਹੋਈ ਹੈ। ਪੰਜਾਬ ਭਾਜਪਾ ਦੀ ਕਿਸਾਨਾਂ ਨਾਲ ਤਾਲਮੇਲ ਲਈ ਬਣਾਈ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਫ਼ਦ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਮੰਤਰੀ ਨਰੇਂਦਰ ਤੋਮਰ ਨਾਲ ਮੀਟਿੰਗ ਕੀਤੀ। ਵਫ਼ਦ ਵਿਚ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਭਾਜਪਾ ਦੇ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਵੀ ਸ਼ਾਮਲ ਸਨ। ਦੱਸਣਯੋਗ ਹੈ ਕਿ ਸੁਰਜੀਤ ਜਿਆਣੀ ਨੇ ਕਿਸਾਨਾਂ ਦੇ ਪੱਖ ਵਿਚ ਸਟੈਂਡ ਲਿਆ ਹੈ। ਸਾਬਕਾ ਮੰਤਰੀ ਸੁਰਜੀਤ ਜਿਆਣੀ ਨੇ ਦੱਸਿਆ ਕਿ ਉਨ੍ਹਾਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਮੰਤਰੀ ਨਰੇਂਦਰ ਤੋਮਰ ਨਾਲ ਮੀਟਿੰਗ ਕੀਤੀ ਜਿਸ ਵਿਚ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਅਤੇ ਮਾਹੌਲ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ ਗਈ। ਉਨ੍ਹਾਂ ਦੀ ਹਾਜ਼ਰੀ ਵਿਚ ਰਾਜਨਾਥ ਸਿੰਘ ਨੇ ਕਿਸਾਨ ਆਗੂਆਂ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਵਜ਼ੀਰਾਂ ਨੇ ਕਿਸਾਨ ਧਿਰਾਂ ਨੂੰ ਕਿਸੇ ਵੇਲੇ ਵੀ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ ਅਤੇ ਲਿਖਤੀ ਸੱਦਾ ਭੇਜਣ ਦੀ ਗੱਲ ਆਖੀ ਹੈ। ਸ੍ਰੀ ਜਿਆਣੀ ਨੇ ਕਿਹਾ ਕਿ ਕਿਸਾਨ ਧਿਰਾਂ ਵੱਲੋਂ ਹੁਣ ਜਦੋਂ ਵੀ ਹੁੰਗਾਰਾ ਭਰਿਆ ਜਾਵੇਗਾ ਉਦੋਂ ਹੀ ਕੇਂਦਰ ਨਾਲ ਗੱਲਬਾਤ ਲਈ ਮੀਟਿੰਗ ਤੈਅ ਕਰਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੂਬਾ ਲੀਡਰਸ਼ਿਪ ਨੇ ਪਹਿਲਾਂ ਕੇਂਦਰ ਨਾਲ ਖੁੱਲ੍ਹ ਕੇ ਗੱਲਬਾਤ ਨਹੀਂ ਕੀਤੀ ਅਤੇ ਅੱਜ ਉਨ੍ਹਾਂ ਸਾਰੇ ਪੱਖਾਂ ਤੋਂ ਕੇਂਦਰੀ ਵਜ਼ੀਰਾਂ ਨੂੰ ਜਾਣੂ ਕਰਾ ਦਿੱਤਾ ਹੈ। ਸੂਤਰ ਦੱਸਦੇ ਹਨ ਕਿ ਕੇਂਦਰ ਸਰਕਾਰ ਕੋਈ ਤਾਲਮੇਲ ਕਮੇਟੀ ਵੀ ਬਣਾ ਸਕਦੀ ਹੈ ਜਿਸ ਵਿਚ ਕੇਂਦਰੀ ਵਜ਼ੀਰਾਂ ਤੋਂ ਇਲਾਵਾ ਸੂਬਾਈ ਭਾਜਪਾ ਲੀਡਰਸ਼ਿਪ ਦੇ ਆਗੂ ਵੀ ਸ਼ਾਮਲ ਹੋ ਸਕਦੇ ਹਨ।
ਕਿਸਾਨ ਜਥੇਬੰਦੀ ਮੁਤਾਬਕ ਕੇਂਦਰ ਪਹਿਲਾਂ ਸੁਖਾਵਾਂ ਮਾਹੌਲ ਬਣਾਏ
ਕਿਸਾਨ ਜਥੇਬੰਦੀ ਬੀਕੇਯੂ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦਾ ਕਹਿਣਾ ਸੀ ਕਿ ਕਿਸਾਨ ਆਗੂ ਕਦੇ ਵੀ ਗੱਲਬਾਤ ਤੋਂ ਪਿੱਛੇ ਨਹੀਂ ਹਟੇ ਪਰ ਕੇਂਦਰ ਸਰਕਾਰ ਮਾਲ ਗੱਡੀਆਂ ਚਲਾ ਕੇ ਗੱਲਬਾਤ ਲਈ ਮਾਹੌਲ ਸੁਖਾਵਾਂ ਬਣਾਏ ਜਾਣ ਦਾ ਮੁੱਢ ਬੰਨ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਏਜੰਡੇ ਸਮੇਤ ਬਿਨਾਂ ਸ਼ਰਤਾਂ ਤੋਂ ਕੋਈ ਲਿਖਤੀ ਪੱਤਰ ਗੱਲਬਾਤ ਲਈ ਆਉਂਦਾ ਹੈ ਤਾਂ ਤੀਹ ਕਿਸਾਨਾਂ ਦੀ ਐਮਰਜੈਂਸੀ ਮੀਟਿੰਗ ਵੀ ਸੱਦੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਆਗੂ ਕੁਝ ਦਿਨਾਂ ਤੋਂ ਤਾਲਮੇਲ ਕਰ ਰਹੇ ਸਨ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਨੂੰ ਕਿਸਾਨ ਅੰਦੋਲਨ ਦੇ ਦੇਸ਼ ਵਿਆਪੀ ਬਣਨ ਦਾ ਡਰ ਹੈ ਤੇ ਹੁਣ ਸਰਕਾਰ ਵੱਲੋਂ ਗੱਲਬਾਤ ਲਈ ਪਹੁੰਚ ਕੀਤੀ ਜਾ ਰਹੀ ਹੈ।
ਰੇਲ ਸੇਵਾ ਦੀ ਬਹਾਲੀ ਲਈ ਕੈਪਟਨ ਨੇ ਸ਼ਾਹ ਤੋਂ ਦਖ਼ਲ ਮੰਗਿਆ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਰੇਲ ਸੇਵਾਵਾਂ ਬਹਾਲ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਮੰਗਿਆ ਹੈ। ਮੁੱਖ ਮੰਤਰੀ ਨੇ ਲੰਘੇ ਦਿਨ ਗ੍ਰਹਿ ਮੰਤਰੀ ਨਾਲ ਮੁਲਾਕਾਤ ਮਗਰੋਂ ਇਸ ਮਸਲੇ ਦੇ ਜਲਦੀ ਹਲ ਹੋਣ ਦੀ ਆਸ ਜਤਾਈ ਸੀ। ਮੁੱਖ ਮੰਤਰੀ ਨੇ ਮੁਲਾਕਾਤ ਦੌਰਾਨ ਸ੍ਰੀ ਸ਼ਾਹ ਨੂੰ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫ਼ਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ’ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਆਗੂਆਂ ਸਣੇ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਹਿੱਤ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਇਕੱਠੇ ਹੋਣ ਦਾ ਵੇਲਾ ਆ ਗਿਆ ਹੈ।
ਕਿਸਾਨ ਅੰਦੋਲਨ: ‘ਦਿੱਲੀ ਚੱਲੋ’ ਦੀ ਤਿਆਰੀ ’ਚ ਪੰਜਾਬ ਪੱਬਾਂ ਭਾਰ
ਚੰਡੀਗੜ੍ਹ: ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕੌਮੀ ਕਿਸਾਨ ਅੰਦੋਲਨ ‘ਦਿੱਲੀ ਚੱਲੋ’ ਦੀ ਤਿਆਰੀ ਨੇ ਪੰਜਾਬ ਵਿੱਚ ਜ਼ੋਰ ਫੜ ਲਿਆ ਹੈ। ਕਿਸਾਨ ਧਿਰਾਂ ਨੇ ਤਿਆਰੀ ਵਜੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ’ਚੋਂ ਰਿਕਾਰਡ ਵੱਡੀ ਗਿਣਤੀ ਕਿਸਾਨਾਂ ਨੂੰ ਦਿੱਲੀ ਲਿਜਾਣ ਲਈ ਕਿਸਾਨ ਧਿਰਾਂ ਦਾ ਜ਼ੋਰ ਲੱਗਾ ਹੋਇਆ ਹੈ। ਪੰਜਾਬ ਵਿਚ ਰੇਲ ਮਾਰਗ ਪੂਰੀ ਤਰ੍ਹਾਂ ਖਾਲੀ ਹਨ, ਪਰ ਕਿਸਾਨਾਂ ਨੇ ਭਾਜਪਾ ਆਗੂਆਂ, ਟੌਲ ਪਲਾਜ਼ਿਆਂ ਅਤੇ ਰਿਲਾਇੰਸ ਪੰਪਾਂ ’ਤੇ ਧਰਨੇ ਜਾਰੀ ਰੱਖੇ ਹੋਏ ਹਨ। ਬੀਕੇਯੂ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ‘ਦਿੱਲੀ ਚੱਲੋ’ ਲਈ ਵਿਉਂਤਬੰਦੀ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ’ਚੋਂ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਦਿੱਲੀ ਲਿਜਾਣ ਲਈ ਤਿਆਰੀ ਚੱਲ ਰਹੀ ਹੈ। ਕੌਮੀ ਪੱਧਰ ਦੇ ਕਿਸਾਨ ਆਗੂਆਂ ਨਾਲ ਰੋਜ਼ਾਨਾ ਤਾਲਮੇਲ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜੰਡਿਆਲਾ ਗੁਰੂ ਅਤੇ ਕਪੂਰਥਲਾ ਵਿੱਚ ਆਪਣੇ ਪ੍ਰਦਰਸ਼ਨ ਜਾਰੀ ਰੱਖੇ ਹੋਏ ਹਨ।
ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਬਣ ਸਿੰਘ ਪੰਧੇਰ ਨੇ ਕਿਹਾ ਕਿ ਕਾਲੀ ਦੀਵਾਲੀ ਮਨਾਏ ਜਾਣ ਲਈ ਤਿਆਰੀ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਘਰਾਂ ’ਤੇ ਕਾਲੇ ਝੰਡੇ ਲਾ ਕੇ ਦੀਵਾਲੀ ਮਨਾਉਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਮੀਡੀਆ ਰਾਹੀਂ ਗੱਲਬਾਤ ਕਰਨ ਲਈ ਫੋਕੀ ਬਿਆਨਬਾਜ਼ੀ ਕਰ ਰਹੀ ਹੈ ਜਦੋਂ ਕਿ ਠੋਸ ਰੂਪ ਵਿਚ ਕੁਝ ਵੀ ਸਾਹਮਣੇ ਨਹੀਂ ਆਇਆ ਹੈ। ਦੂਜੇ ਪਾਸੇ ਕਿਸਾਨ ਅੰਦੋਲਨ ਦੇ ਭਖਵੇਂ ਰੂਪ ਨੂੰ ਦੇਖਦੇ ਹੋਏ ਭਾਜਪਾ ਆਗੂਆਂ ਨੇ ਰਾਜ ਵਿਚ ਆਪਣੀ ਆਮਦੋਰਫ਼ਤ ਸੀਮਤ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਵਿਚ ਅੱਜ ਕਿਸਾਨਾਂ ਨੇ 39ਵੇਂ ਦਿਨ ਵੀ ਸ਼ਾਪਿੰਗ ਮਾਲਜ਼, ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਭਾਜਪਾ ਆਗੂਆਂ ਦੇ ਘਰਾਂ ਅਤੇ ਪ੍ਰਾਈਵੇਟ ਥਰਮਲਾਂ ਸਮੇਤ 43 ਥਾਵਾਂ ’ਤੇ ਦਿਨ ਰਾਤ ਦੇ ਧਰਨੇ ਦਿੱਤੇ। ਬੀ.ਕੇ.ਯੂ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਕ ਬਿਆਨ ’ਚ ਦੱਸਿਆ ਕਿ 26 ਨਵੰਬਰ ਦੇ ਕੌਮੀ ਅੰਦੋਲਨ ਦੀ ਤਿਆਰੀ ਲਈ ਵਿਸ਼ੇਸ਼ ਤਿਆਰੀ ਦਸਤੇ 1200 ਤੋਂ ਵਧੇਰੇ ਪਿੰਡਾਂ ਵਿੱਚ ਵਿਆਪਕ ਲਾਮਬੰਦੀ ਮੁਹਿੰਮ ਲਗਾਤਾਰ ਚਲਾਉਣਗੇ। ਇਸ ਦੀ ਪੂਰਨ ਕਾਮਯਾਬੀ ਲਈ ਫੰਡ ਮੁਹਿੰਮ ਵੀ ਪਿੰਡ ਪਿੰਡ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਿਰਫ ਕਾਰਪੋਰੇਟ ਘਰਾਣਿਆਂ ਦਾ ਫ਼ਿਕਰ ਸਤਾ ਰਿਹਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਕੋਈ ਫ਼ਿਕਰ ਨਹੀਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਦਲਾ-ਲਊ ਵਿਹਾਰ ਇਸੇ ਤਰ੍ਹਾਂ ਜਾਰੀ ਰੱਖਿਆ ਤਾਂ ਉਹ ਪੰਜਾਬ ਦੇ ਸੰਘਰਸ਼ਸ਼ੀਲ ਲੋਕਾਂ ਦੇ ਲਗਾਤਾਰ ਵਧ ਰਹੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।