ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ ਸਿਰਫ 40 ਰੁਪਏ ਦੇ ਵਾਧੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਵਾਧਾ ‘ਊਠ ਦੇ ਮੂੰਹ ’ਚ ਜ਼ੀਰਾ’ ਦੇਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ ਅਤੇ ਕੇਂਦਰ ਸਰਕਾਰ ਐੱਮਐੱਸਪੀ ’ਚ ਨਾਂਮਾਤਰ ਵਾਧਾ ਕਰਕੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣਾ ਚਾਹੁੰਦੀ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਭਾਜਪਾ ਸਰਕਾਰ ਆਪਣੇ ਚਹੇਤੇ ਅਧਿਕਾਰੀਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਜਾਂਦੀ ਹਰ ਕਾਲ ਦਾ ਲੋਕ ਇਨਸਾਫ਼ ਪਾਰਟੀ ਪੂਰਨ ਸਮਰਥਨ ਕਰਦੀ ਹੈ ਅਤੇ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ।