ਪੱਤਰ ਪ੍ਰੇਰਕ
ਦੇਵੀਗੜ੍ਹ, 13 ਅਪਰੈਲ
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਦੇਵੀਗੜ੍ਹ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੰਡੇ ਅਤੇ ਕੁੜੀਆਂ ਵੱਲੋਂ ਭੰਗੜੇ ਅਤੇ ਗਿੱਧੇ ਪਾ ਕੇ ਰੰਗ ਬੰਨ੍ਹਿਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਵੱਲੋਂ ਵਿਸਾਖੀ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਚੇਅਰਮੈਨ ਹਰਦੀਪ ਸਿੰਘ ਸੰਧੂ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਨੂੰ ਸੰਦੇਸ਼ ਦਿੱਤਾ ਗਿਆ।
ਚੀਮਾ ਸੰਦੌੜ (ਪੱਤਰ ਪ੍ਰੇਰਕ): ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਅਤੇ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਸਾਂਝੇ ਤੌਰ ’ਤੇ ਵਿਸਾਖੀ ਦਾ ਤਿਉਹਾਰ ਮਨਾਇਆ। ਸੰਦੀਪ ਕੌਰ ਵੱਲੋਂ ਮੰਚ ਦਾ ਸੰਚਾਲਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਨੀਤੂ ਸੇਠੀ ਅਤੇ ਡਾ. ਪੁਨੀਤ ਅਮਨਦੀਪ ਸਿੰਘ ਸੋਹੀ ਦਾ ਵਿਦਿਆਰਥੀਆਂ ਵੱਲੋਂ ਸਵਾਗਤ ਕੀਤਾ ਗਿਆ। ਵਿਦਿਆਰਥਣਾਂ ਵੱਲੋਂ ਵਿਸਾਖੀ ਨਾਲ ਸਬੰਧਤ ਕਵਿਤਾਵਾਂ, ਸਪੀਚ, ਡਾਂਸ, ਗੀਤ, ਭੰਗੜਾ ਆਦਿ ਪੇਸ਼ ਕੀਤੇ ਗਏ।
ਚੀਮਾ ਮੰਡੀ (ਪੱਤਰ ਪ੍ਰੇਰਕ): ਮਾਡਰਨ ਕਾਲਜ ਬੀਰ ਕਲਾਂ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵਿਸਾਖੀ ਦਾ ਤਿਉਹਾਰ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਵੀਕੇ ਰਾਏ ਨੇ ਦੱਸਿਆ ਕਿ ਕਾਲਜ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਇਹ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਵਿੱਚ ਪ੍ਰਿੰਸੀਪਲ ਮੀਨੂ ਸੂਦ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀ ਵਿਸਾਖੀ ਦੇ ਤਿਉਹਾਰ ਦੇ ਰੰਗ ’ਚ ਰੰਗੇ ਹੋਏ ਘਰੋਂ ਹੀ ਰੰਗ ਬਰੰਗੀਆਂ ਪੁਸ਼ਾਕਾਂ ਪਾ ਕੇ ਆਏ। ਪੰਜਾਬੀ ਮਾਹੌਲ ਨੂੰ ਸਿਰਜਦਿਆਂ ਛੋਟੀ ਉਮਰੇ ਕਲਾਕਾਰੀ ਦੀਆਂ ਵੱਡੀਆਂ ਪੁਲਾਘਾਂ ਪੁਟਦਿਆਂ ਬੱਚਿਆਂ ਨੇ ਵਾਹਵਾਹੀ ਖੱਟੀ।
ਮੂਨਕ (ਪੱਤਰ ਪ੍ਰੇਰਕ): ਬਾਬੂ ਬ੍ਰਿਸ਼ ਭਾਨ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਸਮੇਂ ਸਕੂਲ ਦੇ ਆਡੀਟੋਰੀਅਮ ਵਿੱਚ ਪ੍ਰਿੰਸੀਪਲ, ਅਧਿਆਪਕ ਅਤੇ ਸਾਰੇ ਬੱਚੇ ਮੌਜੂਦ ਸਨ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਉੱਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਹ ਤਿਉਹਾਰ ਖੁਸ਼ਹਾਲੀ, ਪ੍ਰਗਤੀ ਅਤੇ ਮੌਸਮ ਦੇ ਬਦਲਣ ਦਾ ਪ੍ਰਤੀਕ ਹੈ।
ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਪਾਤੜਾਂ (ਪੱਤਰ ਪ੍ਰੇਰਕ): ਕੇਐੱਸਬੀ ਵਰਲਡ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਰੰਗ-ਬਰੰਗੇ ਕੱਪੜਿਆਂ ਵਿੱਚ ਸਜੇ ਵਿਦਿਆਰਥੀਆਂ ਨੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕੀਤਾ। ਸਕੂਲ ਵਿਦਿਆਰਥੀਆਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕਰਨ ਉਪਰੰਤ ਗੀਤ, ਕਵਿਤਾਵਾਂ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ। ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਪੇਸ਼ ਕੀਤਾ ਗਿਆ ਨਾਟਕ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਮੁਟਿਆਰਾਂ ਦਾ ਗਿੱਧਾ ਅਤੇ ਗੱਭਰੂਆਂ ਦਾ ਭੰਗੜਾ ਪ੍ਰੋਗਰਾਮ ਦੀ ਸਿਖਰ ਹੋ ਨਬਿੜਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਲਾਡ ਸਿੰਘ ਕਾਹਲੋਂ ਅਤੇ ਰੀਨਾ ਕੌਰ ਚੀਮਾ ਨੇ ਜੱਲ੍ਹਿਆਂਵਾਲਾ ਬਾਗ ਦਾ ਇਤਿਹਾਸ ਅਤੇ ਖ਼ਾਲਸਾ ਪੰਥ ਦੀ ਸਾਜਨਾ ਸਬੰਧੀ ਜਾਣਕਾਰੀ ਦਿੱਤੀ।