ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 19 ਨਵੀਆਂ ਆਈਟੀਆਈਜ਼ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ, ਜਿਨ੍ਹਾਂ ਵਿੱਚ ਬਿਆਸ ਵਿੱਚ ਬਣਾਈ ਜਾਣ ਵਾਲੀ ਆਈਟੀਆਈ ਵੀ ਸ਼ਾਮਲ ਹੋਵੇਗੀ। ਇਨ੍ਹਾਂ ਆਈਟੀਆਈਜ਼ ਦੀਆਂ ਕਲਾਸਾਂ ਆਗਾਮੀ ਸੈਸ਼ਨ ਵਿੱਚ ਸ਼ੁਰੂ ਹੋਣਗੀਆਂ। ਵਿਭਾਗੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਇੰਸਟੀਚਿਊਟ ਆਫ ਸਕਿੱਲਜ਼ (ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਸਬੰਧਤ ਕਾਲਜ ਵਜੋਂ) ਨੂੰ 2021-22 ਸੈਸ਼ਨ ਤੋਂ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਵਜੋਂ ਅਪਗ੍ਰੇਡ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੂੰ ਮੁੜ ਸੁਰਜੀਤ ਕੀਤੇ ਜਾਣ ਦੀ ਵਿਭਾਗੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਮੋਬਾਈਲ ਐਪ ‘ਈ-ਆਈਟੀਆਈ ਪੰਜਾਬ’ ਵੀ ਜਾਰੀ ਕੀਤੀ। ਮੁੱਖ ਮੰਤਰੀ ਨੇ ਵਿਭਾਗ ਨੂੰ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਫ਼ਿਰੋਜ਼ਪੁਰ ਅਤੇ ਬੇਅੰਤ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਗੁਰਦਾਸਪੁਰ ਵਿੱਚ ਦਾਖ਼ਲਿਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।